
ਅੰਮ੍ਰਿਤਸਰ, 24 ਦਸੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪਿੰਡ ਗੱਲੂਵਾਲ ਦੇ ਨੇੜਿਓਂ ਖੇਤਾਂ ਵਿੱਚੋਂ 3.590 ਕਿੱਲੋ ਹੈਰੋਇਨ ਸਮੇਤ ਪੈਕਿੰਗ ਮਟੀਰੀਅਲ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਭਿੰਡੀਸੈਦਾਂ ਦੀ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ ਨਜਾਇਜ਼ ਹਥਿਆਰ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਘਰਿੰਡਾ ਦੀ ਪੁਲੀਸ ਨੇ ਕਾਰਵਾਈ ਕਰਦਿਆਂ 3 ਕਿਲੋ 590 ਗ੍ਰਾਮ ਹੈਰੋਇਨ ਅਤੇ ਪੈਕਿੰਗ ਸਮੱਗਰੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਤੁਰੰਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਹ ਨਸ਼ਾ ਤਸਕਰਾਂ ਦੇ ਕਿਸੇ ਵੱਡੇ ਗਿਰੋਹ ਨਾਲ ਜੁੜਿਆ ਹੋ ਸਕਦਾ ਹੈ। ਇਸ ਨੂੰ ਡਰੋਨ ਰਾਹੀਂ ਸਰਹੱਦ ਪਾਰ ਤੋਂ ਲਿਆਂਦਾ ਗਿਆ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਕ ਹੋਰ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਥਾਣਾ ਭਿੰਡੀਸੈਦਾਂ ਨੇ ਨਾਕਾਬੰਦੀ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕਿਆ। ਤਲਾਸ਼ੀ ਲੈਣ 'ਤੇ ਉਸ ਕੋਲੋਂ ਇਕ 32 ਬੋਰ ਦਾ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ। ਪੁਲੀਸ ਨੇ ਮੌਕੇ ’ਤੇ ਐਫਆਈਆਰ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਮਾਮਲਿਆਂ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਨਿਆਂਇਕ ਪ੍ਰਕਿਰਿਆ ਤਹਿਤ ਸਜ਼ਾਵਾਂ ਦਿੱਤੀਆਂ ਜਾਣਗੀਆਂ।