
- ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ‘ਚ ਦਾਖਲ
ਖਨੌਰੀ, 24 ਦਸੰਬਰ 2024 : ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਮੰਗਲਵਾਰ ਸ਼ਾਮ 5:30 ਵਜੇ ਉਨ੍ਹਾਂ ਦੇ ਮਰਨ ਵਰਤ ਦੇ ਸਮਰਥਨ ਕੈਂਡਲ ਮਾਰਚ ਕੱਢਿਆ ਜਾਵੇਗਾ। ਕਿਸਾਨ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਕੜਾਕੇ ਦੀ ਠੰਢ ਅਤੇ ਬਰਸਾਤ ਵਿੱਚ ਵੀ ਉਹ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ’ਤੇ ਡਟੇ ਹੋਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੰਗਲਵਾਰ ਸਵੇਰੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ, ਇਸ ਸਬੰਧੀ 26 ਦਸੰਬਰ ਨੂੰ ਖਨੌਰੀ ਵਿਖੇ ਸਮੂਹ ਟਰੇਡ ਯੂਨੀਅਨਾਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਟੈਕਸੀ ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ। ਕਿਸਾਨ ਆਗੂ ਨੇ ਦੱਸਿਆ ਕਿ 30 ਦਸੰਬਰ ਨੂੰ ਪੰਜਾਬ ਬੰਦ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਮੈਡੀਕਲ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਕੈਂਡਲ ਮਾਰਚ ਕੱਢਿਆ ਜਾਵੇਗਾ। ਇੰਨਾ ਹੀ ਨਹੀਂ ਉਨ੍ਹਾਂ ਇਹ ਵੀ ਦੱਸਿਆ ਕਿ 26 ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਕਈ ਫੈਸਲੇ ਲਏ ਜਾਣਗੇ ਅਤੇ 30 ਨੂੰ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।