ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਵਾਰ-ਵਾਰ ਵਿਘਨ ਪਾ ਕੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੇ ਸਦਨ ਦੀ ਕਾਰਵਾਈ ਦੌਰਾਨ ਹੰਗਾਮਾ ਕਰਕੇ ਕਰਦਾਤਾਵਾਂ ਦੇ ਪੈਸੇ ਦੀ ਬਰਬਾਦੀ ਕੀਤੀ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸੈਸ਼ਨ ਦੇ ਸਮੇਂ ਨੂੰ ਪੰਜਾਬ ਅਤੇ ਸੂਬੇ ਦੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਤਰਕਸੰਗਤ ਤਰੀਕੇ ਨਾਲ ਵਰਤਿਆ ਜਾ ਸਕਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੇ ਇਸ ਸੁਨਹਿਰੀ ਮੌਕੇ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਆਪਣੀਆਂ ਡਰਾਮੇਬਾਜ਼ੀਆਂ ਰਾਹੀਂ ਅਜ਼ੀਮ ਸਦਨ ਦਾ ਸਮਾਂ ਬਰਬਾਦ ਨਾ ਕਰਨ। ਭਗਵੰਤ ਮਾਨ ਨੇ ਕਿਹਾ ਕਿ ਜੇ ਕਾਂਗਰਸੀ ਆਗੂ ਸਦਨ ਵਿੱਚ ਅਫਰਾ-ਤਫਰੀ ਪੈਦਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵਿਧਾਨ ਸਭਾ ਦੇ ਬਾਹਰ ਸਮਾਨਾਂਤਰ ਇਜਲਾਸ ਕਰਨ ਲਈ ਭਾਜਪਾ ਦਾ ਸਾਥ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਭਾਜਪਾ ਅਤੇ ਕਾਂਗਰਸ ਵਿੱਚ ਕੋਈ ਅੰਤਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਤੱਥ ਸਾਬਤ ਹੋ ਗਿਆ ਹੈ ਕਿ ਕਾਂਗਰਸ, ਭਗਵਾ ਪਾਰਟੀ ਦੀ ਬੀ ਟੀਮ ਬਣ ਕੇ ਉੱਭਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੇ ਮੁੱਖ ਮੰਤਰੀ ਨੇ ਭਾਜਪਾ ਦੇ ਇਸ਼ਾਰੇ 'ਤੇ ਰਾਜ ਕੀਤਾ ਅਤੇ ਹੁਣ ਸਮੁੱਚੀ ਕਾਂਗਰਸ, ਭਗਵਾ ਪਾਰਟੀ ਦੇ ਇਸ਼ਾਰਿਆਂ 'ਤੇ ਚੱਲ ਰਹੀ ਹੈ।