- ਉਦਯੋਗਿਕ ਵਿਕਾਸ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ
- ਸੁਝਾਅ ਲੈਣ ਵਾਲਾ ਦੇਸ਼ ਭਰ ਵਿੱਚੋਂ ਪਹਿਲਾ ਸੂਬਾ ਹੈ ਪੰਜਾਬ
ਚੰਡੀਗੜ੍ਹ, 8 ਜੁਲਾਈ : ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸੂਬੇ ਵਿੱਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਸਰਕਾਰ ਹੀ ਇਕ ਅਜਿਹੀ ਸਰਕਾਰ ਹੈ, ਜੋ ਸਾਰੇ ਭਾਈਵਾਲਾਂ ਦੀ ਸਲਾਹ ਅਨੁਸਾਰ ਨੀਤੀਆਂ ਘੜਦੀ ਹੈ। ਮਿਸਾਲਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਦੇ ਵਿਚਾਰ ਲਏ ਹਨ। ਭਗਵੰਤ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਲਗਪਗ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ, ਲਗਪਗ 35 ਲੱਖ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ ਅਤੇ 40 ਸਾਲਾਂ ਬਾਅਦ ਨਹਿਰੀ ਪਾਣੀ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਪਹੁੰਚਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤੇਜ਼ ਆਰਥਿਕ ਵਿਕਾਸ ਦੀ ਲੀਹ ‘ਤੇ ਪਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਦਯੋਗਿਕ ਵਿਕਾਸ ਦੇ ਧੁਰੇ ਵਜੋਂ ਉਭਾਰਨ ਲਈ ਕਦਮ ਚੁੱਕੇ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਉਦਯੋਗਾਂ ਦੇ ਨਵੇਂ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਸੂਬਾ ਸਰਕਾਰ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਦਯੋਗ ਪੱਖੀ ਮਾਹੌਲ ਵੀ ਮੁਹੱਈਆ ਕਰੇਗੀ ਤਾਂ ਜੋ ਉਹ ਸੂਬੇ ਵਿੱਚ ਆਪਣੇ ਕੰਮਕਾਜ ਦਾ ਵਿਸਥਾਰ ਕਰ ਸਕਣ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਵਟਸਐਪ ਨੰਬਰ 8194891948 ਅਤੇ ਈਮੇਲ ਆਈ.ਡੀ. punjabconsultation@gmail.com ‘ਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ਘੜਨ ਵਿੱਚ ਮਦਦ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।