ਕਿਸਾਨ ਆਗੂ ਡੱਲੇਵਾਲ ਮਾਮਲੇ 'ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਤਿੰਨ ਦਿਨਾਂ ਦਾ ਹੋਰ ਸਮਾਂ 

ਚੰਡੀਗੜ੍ਹ, 31 ਦਸੰਬਰ 2024 : ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ 'ਚ ਦਾਖਲ ਨਹੀਂ ਕਰਵਾ ਸਕੀ। ਇਸ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਹੋਰ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ’ਚ ਹੋਈ ਸੁਣਵਾਈ ਦੌਰਾਨ ਪੰਜਾਬ ਦੇ ਏਜੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਗੱਲਬਾਤ ਕਰ ਲਵੇ ਤਾਂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਆਪਣਾ ਇਲਾਜ ਕਰਵਾਉਣ ਲਈ ਤਿਆਰ ਹੋ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਉਨ੍ਹਾਂ ਨੂੰ ਬੀਤੇ ਦਿਨ ਕਿਸਾਨਾਂ ਨੇ ਗੱਲਬਾਤ ਦੌਰਾਨ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਸਮਾਂ ਸੀਮਾ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੀ ਸੀ। ਜਿਸ ਵਿੱਚ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੇ ਉਨ੍ਹਾਂ ਦੇ ਪਿਛਲੇ ਹੁਕਮਾਂ ਨੂੰ ਲਾਗੂ ਕਰਨਾ ਸੀ ਪਰ ਇਸ ਵਾਰ ਵੀ ਅਜਿਹਾ ਕੁਝ ਨਹੀਂ ਹੋਇਆ ਹੈ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਮਾਣਹਾਨੀ ਦੇ ਕੇਸ ਦੀ ਵੀ ਇਸੇ ਸੁਣਵਾਈ ਵਿੱਚ ਸੁਣਵਾਈ ਹੋਵੇਗੀ। ਅਜਿਹੇ 'ਚ ਦੋਵਾਂ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨਾਂ ਅਤੇ ਡੱਲੇਵਾਲ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਦੱਸ ਦਈਏ ਕਿ 70 ਸਾਲਾ ਡੱਲੇਵਾਲ ਵੀ ਕੈਂਸਰ ਦੇ ਮਰੀਜ਼ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ। ਖੈਰ ਹੁਣ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੁਝ ਸਮਾਂ ਹੋਰ ਦਿੱਤਾ ਹੈ।