ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2023-24 ਦੇ ਬਜਟ ਅਨੁਮਾਨਾਂ ਨੂੰ ਅੰਤਿਮ ਰੂਪ ਦੇਣ ਲਈ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗਾਂ ਦੀ ਸ਼ੁਰੂਆਤ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਬੰਧਤ ਵਿਭਾਗਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗਾਂ ਦੌਰਾਨ ਇਨ੍ਹਾਂ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਸਬੰਧਤ ਵਿਭਾਗਾਂ ਦੀਆਂ ਚਾਲੂ ਸਾਲ ਦੀਆਂ ਪ੍ਰਾਪਤੀਆਂ ਅਤੇ ਵਿੱਤੀ ਸਾਲ 2023-24 ਲਈ ਮਿਥੇ ਟੀਚਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵੱਖ-ਵੱਖ ਸਕੀਮਾਂ ਅਧੀਨ ਲਾਭਪਾਤਰੀਆਂ ਦੀ ਸੰਖਿਆ ਦੇ ਨਾਲ-ਨਾਲ ਅਗਲੇ ਵਿੱਤੀ ਸਾਲ ਦੌਰਾਨ ਸੰਭਾਵਿਤ ਵਾਧੇ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵਿੱਤੀ ਸਾਲ 2023-24 ਲਈ ਵੱਖ-ਵੱਖ ਵਿਭਾਗਾਂ ਦੁਆਰਾ ਪ੍ਰਸਤਾਵਿਤ ਨਵੀਆਂ ਯੋਜਨਾਵਾਂ ਅਨੁਸਾਰ ਬਜਟ ਦੇ ਪ੍ਰਬੰਧਾਂ ਦੀ ਯੋਜਨਾ ਬਣਾਉਣ ਲਈ ਵਿਸਥਾਰ ਵਿੱਚ ਚਰਚਾ ਕੀਤੀ ਗਈ। ਅੱਜ ਜਿੰਨ੍ਹਾਂ ਪ੍ਰਮੁੱਖ ਵਿਭਾਗਾਂ ਨਾਲ ਵਿੱਤ ਮੰਤਰੀ ਵੱਲੋਂ ਮੀਟਿੰਗ ਕੀਤੀ ਗਈ ਉਨ੍ਹਾਂ ਵਿੱਚ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸਿਹਤ ਅਤੇ ਪਰਿਵਾਰ ਭਲਾਈ, ਸਹਿਕਾਰਤਾ, ਗ੍ਰਹਿ ਮਾਮਲੇ ਅਤੇ ਨਿਆਂ, ਕਰ, ਬਿਜਲੀ ਅਤੇ ਆਬਕਾਰੀ ਸ਼ਾਮਿਲ ਸਨ।