ਬਰਨਾਲਾ : ਪਿੰਡ ਕਲਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਬੁਝਾਉਣ ਲਈ ਗਈ ਫਾਇਰ ਬ੍ਰਿਗੇਡ ਦੀ ਟੀਮ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੂੰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਬੰਧਕ ਬਣਾ ਲਿਆ। ਕਿਸਾਨ ਫਾਇਰ ਬ੍ਰਿਗੇਡ ਦੀ ਗੱਡੀ ਖੁਦ ਚਲਾ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਮੌਕੇ ’ਤੇ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਜੱਥੇਬੰਦੀਆਂ ਅਤੇ ਪਿੰਡ ਵਾਲਿਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਤਾਂ ਸੂਬੇ ਭਰ ਵਿੱਚ ਪਰਾਲੀ ਸਾੜ ਕੇ ਸੜਕਾਂ ਜਾਮ ਕੀਤੀਆਂ ਜਾਣਗੀਆਂ। ਫਾਇਰ ਬ੍ਰਿਗੇਡ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਦਾ ਭਰੋਸਾ ਦਿੱਤਾ ਤਾਂ ਉਨ੍ਹਾਂ ਨੂੰ ਛੱਡਿਆ ਗਿਆ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਕਲਾਲਾ ਵਿੱਚ ਇੱਕ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਿਸਾਨ ਖ਼ਿਲਾਫ਼ ਕਾਰਵਾਈ ਕਰਨ ਲਈ ਮੌਕੇ ’ਤੇ ਪੁੱਜੇ। ਇਸ ਦਾ ਪਤਾ ਲੱਗਦਿਆਂ ਹੀ ਜਗਸੀਰ ਸਿੰਘ ਹੋਰ ਕਿਸਾਨਾਂ ਸਣੇ ਮੌਕੇ ’ਤੇ ਪੁੱਜੇ ਅਤੇ ਫਾਇਰ ਵਿਭਾਗ ਦੀ ਟੀਮ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਖੇਤ ਵਿੱਚ ਹੀ ਬੰਧਕ ਬਣਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਗਸੀਰ ਸਿੰਘ ਨੇ ਕਿਹਾ ਕਿ 12 ਫੀਸਦੀ ਕਿਸਾਨਾਂ ਕੋਲ ਹੀ ਮਸ਼ੀਨਾਂ ਹਨ ਜੋ ਪੰਜਾਬ ਸਰਕਾਰ ਕਿਸਾਨਾਂ ਨੂੰ ਵੰਡਣ ਦੀ ਗੱਲ ਕਰ ਰਹੀ ਹੈ। ਇਹ ਮਸ਼ੀਨਾਂ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ ਹੈ ਅਤੇ ਜੇ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਇਜਾਜ਼ਤ ਨਹੀਂ ਦੇਣਾ ਚਾਹੁੰਦੀ ਤਾਂ ਕਿਸਾਨਾਂ ਨੂੰ ਇਸ ਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂ ਨੇ ਚਿਤਾਵਨੀ ਦਿੱਤੀ ਕਿ ਜੇ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਪਰਾਲੀ ਸਾੜਨ ਵਾਲੇ ਕਿਸੇ ਵੀ ਕਿਸਾਨ ਦੇ ਖੇਤ ਵਿੱਚ ਜਾਂਦਾ ਹੈ ਤਾਂ ਉਸ ਨੂੰ ਉੱਥੇ ਬੰਧਕ ਬਣਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਵੇਲੇ ਵੀ ਕਿਸਾਨਾਂ ’ਤੇ ਅਜਿਹੀ ਸਖ਼ਤੀ ਨਹੀਂ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸੇ ਵੀ ਕਿਸਾਨ ‘ਤੇ ਕਾਰਵਾਈ ਕੀਤੀ ਗਈ ਤਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਪੂਰੇ ਪੰਜਾਬ ਦੀਆਂ ਸੜਕਾਂ ਜਾਮ ਕੀਤੀਆਂ ਜਾਣਗੀਆਂ।