ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਅਜਿਹਾ ਸਤਲੁਜ ਦਰਿਆ 'ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ ਦੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਭਾਖੜਾ ਡੈਮ ਦੇ ਫਲੱਡ ਗੇਟਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ’ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਬੀਬੀਐਮਬੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਦੇ 8 ਫੁੱਟ ਤੱਕ ਫਲੱਡ ਗੇਟਾਂ ਨੂੰ ਖੋਲ੍ਹਿਆ ਗਿਆ ਹੈ। ਪੌਂਗ ਡੈਮ ਨੂੰ ਸੁਰੱਖਿਅਤ ਪੱਧਰ ’ਤੇ ਲਿਆਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਅੱਗੇ 4 ਤੋਂ 5 ਦਿਨਾਂ ਤੱਕ ਪਾਣੀ ਹੋਰ ਛੱਡਿਆ ਜਾਵੇਗਾ। ਬੀਬੀਐਮਬੀ ਨੇ ਇਹ ਵੀ ਦੱਸਿਆ ਕਿ ਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ 1680 ਫੁੱਟ ਦੇ ਨੇੜੇ ਪਹੁੰਚ ਚੁੱਕਿਆ ਹੈ। ਇਸ ਸਮੇ ਡੈਮ ’ਚ 1677.70 ਫੁੱਟ ਤੱਕ ਪਾਣੀ ਦਾ ਪੱਧਰ ਪਹੁੰਚ ਚੁੱਕਿਆ ਹੈ। ਬੀਬੀਐਮਬੀ ਦਾ ਕਹਿਣਾ ਹੈ ਕਿ ਚਿਤਾਵਨੀ ਦੇਣ ਤੋਂ ਬਾਅਦ ਪਾਣੀ ਛੱਡਿਆ ਜਾ ਰਿਹਾ ਹੈ। 24 ਘੰਟੇ ਪਹਿਲਾਂ ਅਸੀਂ ਫਲੱਡ ਗੇਟ ਖੋਲ੍ਹਣ ਦੀ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਆਉਣ ਵਾਲੇ 4 ਤੋਂ 5 ਦਿਨਾਂ ਤੱਕ ਪਾਣੀ ਆਮ ਪੱਧਰ ਤੱਕ ਆ ਜਾਵੇਗਾ। ਦੱਸ ਦਈਏ ਕਿ ਇਸ ਸਮੇਂ ਕਈ ਪਿੰਡਾਂ ’ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਲੋਕਾਂ ਦੇ ਘਰਾਂ ਅਤੇ ਖੇਤਾਂ ’ਚ ਪਾਣੀ ਪਹੁੰਚ ਚੁੱਕਿਆ ਹੈ। ਜਿਸ ਦੇ ਚੱਲਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ।