- ਸਿਹਤ ਮੰਤਰੀ ਨੇ ਨਵ-ਨਿਯੁਕਤ ਵਿਅਕਤੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ
ਚੰਡੀਗੜ੍ਹ, 22 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਮੁਤਾਬਕ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਡਾਇਰੈਕਟੋਰੇਟ ਆਯੁਰਵੈਦ, ਪੰਜਾਬ ਵਿਖੇ ਨਵ-ਨਿਯੁਕਤ ਅੱਠ ਕਲਰਕਾਂ ਅਤੇ ਇੱਕ ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ। ਸਿਹਤ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਦਿਲੋਂ ਵਧਾਈ ਦਿੰਦਿਆਂ ਉਨਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਿ੍ਰਸ਼ਟਾਚਾਰ ਵਿਰੁੱਧ ਨਾ-ਕਾਬਿਲ-ਏ-ਬਰਦਾਸ਼ਤ (ਜ਼ੀਰੋ ਟਾਲਰੈਂਸ) ਨੀਤੀ ਅਪਣਾਈ ਹੈ ਅਤੇ ਨੌਕਰੀ ਦੌਰਾਨ ਅਜਿਹੀ ਕੁਤਾਹੀ ਜਾਂ ਬੇਨਿਯਮੀਆਂ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਜਲਦ ਹੀ ਸਿਹਤ ਸੇਵਾਵਾਂ ਨਾਲ ਸਬੰਧਤ ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਯੁਰਵੈਦਿਕ ਇਲਾਜ ਪ੍ਰਣਾਲੀਆਂ ਦੇ ਸਬੰਧ ਵਿੱਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਠੋਸ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਨਿਜਾਤ ਦਿਵਾਉਣ ਲਈ ਆਯੁਰਵੈਦਿਕ ਇਲਾਜ ਵਿਧੀਆਂ ਬਹੁਤ ਲਾਹੇਵੰਦ ਸਿੱਧ ਹੋ ਸਕਦੀਆਂ ਹਨ। ਇਸ ਦੌਰਾਨ ਸਮੂਹ ਉਮੀਦਵਾਰਾਂ ਨੇ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਸੁਹਿਰਦਤਾ ,ਇਮਾਨਦਾਰੀ ਅਤੇ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਕਮਿਸ਼ਨਰ ਆਯੂਸ਼ ਡਾ: ਅਭਿਨਵ ਤਿ੍ਰਖਾ, ਡਾਇਰੈਕਟਰ ਆਯੂਰਵੈਦ ਪੰਜਾਬ ਡਾ: ਸ਼ਸ਼ੀ ਭੂਸ਼ਣ, ਡਾਇਰੈਕਟਰ ਹੋਮਿਓਪੈਥੀ ਡਾ: ਬਲਿਹਾਰ ਸਿੰਘ ਅਤੇ ਜਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਸੰਗਰੂਰ ਡਾ: ਰਵੀ ਡੂਮਰਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।