- ਮੁੱਖ ਮੰਤਰੀ ਭਗਵੰਤ ਮਾਨ ਨੇ ਸਨਅਤਕਾਰਾਂ ਨੂੰ ਦਿੱਤੇ ਹਰੇ ਰੰਗ ਦੇ ਸਟੈਂਪ ਪੇਪਰ
- ਸਿਰਫ 17 ਦਿਨਾਂ ‘ਚ ਹੀ ਸਨਅਤਕਾਰਾਂ ਨੂੰ ਮਿਲੀਆਂ ਸਾਰੀਆਂ ਪ੍ਰਵਾਨਗੀਆਂ
- ਉਦਯੋਗਪਤੀਆਂ ਨੇ ਮੁੱਖ ਮੰਤਰੀ ਦੀ ਇਸ ਨਵੀਨਤਾਕਾਰੀ ਪਹਿਲ ਦੀ ਕੀਤੀ ਸ਼ਲਾਘਾ
- ਸਾਡਾ ਉਦੇਸ਼ ਉਦਯੋਗ ਅਨੁਕੂਲ ਮਾਹੌਲ ਪ੍ਰਦਾਨ ਕਰਕੇ ਵੱਧ ਤੋਂ ਵੱਧ ਨਿਵੇਸ਼ ਲੈ ਕੇ ਆਉਣਾ: ਭਗਵੰਤ ਮਾਨ
ਚੰਡੀਗੜ੍ਹ, 13 ਜੂਨ : ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਦੋ ਉਦਯੋਗਪਤੀਆਂ ਨੂੰ ਵਿਲੱਖਣ ‘ਗਰੀਨ ਕਲਰ ਕੋਡਿਡ ਸਟੈਂਪ’ ਪੇਪਰ ਸੌਂਪੇ। ਸਟੈਂਪ ਪੇਪਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਉਦਯੋਗਪਤੀਆਂ ਲਈ ਇਹ ਦਿਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਇੱਕ ਕਦਮ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ ਨੋਟੀਫਿਕੇਸ਼ਨ ਇਸ ਸਾਲ 12 ਮਈ ਨੂੰ ਜਾਰੀ ਕਰ ਦਿੱਤਾ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਇਸ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਯਕੀਨੀ ਬਣਾਉਂਦਿਆਂ ਉਦਯੋਗ ਅਨੁਕੂਲ ਮਾਹੌਲ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਦਯੋਗਪਤੀ ਜੋ ਸੂਬੇ ਵਿੱਚ ਆਪਣੀ ਉਯਯੋਗਿਕ ਇਕਾਈ ਸਥਾਪਤ ਕਰਨਾ ਚਾਹੁੰਦਾ ਹੈ, ਉਹ ਇਨਵੈਸਟ ਪੰਜਾਬ ਪੋਰਟਲ ਤੋਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਦਯੋਗਪਤੀਆਂ ਨੂੰ ਆਪਣਾ ਯੂਨਿਟ ਸਥਾਪਤ ਕਰਨ ਲਈ ਸਿਰਫ ਇਹ ਸਿੰਗਲ ਸਟੈਂਪ ਪੇਪਰ ਖਰੀਦਣਾ ਹੋਵੇਗਾ ਅਤੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਕੁਝ ਹੋਰ ਮਨਜ਼ੂਰੀਆਂ ਲੈਣ ਲਈ ਲੋੜੀਂਦੀ ਫੀਸ ਅਦਾ ਕਰਨੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਟੈਂਪ ਪੇਪਰ ਖਰੀਦਣ ਤੋਂ ਬਾਅਦ ਇਨ੍ਹਾਂ ਦੋਵਾਂ ਉਦਯੋਗਪਤੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਾਸਤੇ 17 ਦਿਨਾਂ ਦੇ ਅੰਦਰ-ਅੰਦਰ ਸਮੂਹ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਦੇਵੇਗੀ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਉਦਯੋਗਪਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇ ਰੰਗ ਦੇ ਸਟੈਂਪ ਪੇਪਰ ਤੋਂ ਇਹ ਪਤਾ ਚੱਲੇਗਾ ਕਿ ਸਬੰਧਤ ਉਦਯੋਗਪਤੀ ਲੋੜੀਂਦੀਆਂ ਮਨਜ਼ੂਰੀਆਂ ਲਈ ਪਹਿਲਾਂ ਹੀ ਸਾਰੀ ਫੀਸ ਅਦਾ ਕਰ ਚੁੱਕਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਜ਼ਮੀਨੀ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਹਾਊਸਿੰਗ ਅਤੇ ਹੋਰ ਖੇਤਰਾਂ ਵਿੱਚ ਵੀ ਇਹੀ ਕਲਰ ਕੋਡਿੰਗ ਲਾਗੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਅਹਿਮ ਪਹਿਲਕਦਮੀ ਨਾਲ ਪੰਜਾਬ ਉਦਯੋਗਿਕ ਖੇਤਰ ਵਿੱਚ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨੇਕ ਪਹਿਲਕਦਮੀ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਇਸ ਚੀਜ਼ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਜਾਂਦਾ ਹੈ।। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੀ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਅਪਣਾਉਣਗੇ।