ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਮੁੜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਇਕੱਠ ਕਰਨ ਦਾ ਐਲਾਨ ਕੀਤਾ ਹੈ। ਦਰਅਸਲ ਅੱਜ ਸੰਯੁਕਤ ਕਿਸਾਨ ਮੋਰਚਾ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਕਿਸਾਨ ਆਗੂਆਂ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੇ 2 ਸਾਲ ਪੂਰੇ ਹੋਣ 'ਤੇ 14 ਨਵੰਬਰ ਨੂੰ ਦਿੱਲੀ 'ਚ ਸੰਯੁਕਤ ਕਿਸਾਨ ਮੋਰਚਾ ਦੀ ਵੱਡੀ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਰਾਜ ਭਵਨਾਂ ਤੱਕ ਰੋਸ ਮਾਰਚ ਕੱਢੇ ਜਾਣਗੇ। ਕਿਸਾਨ ਆਗੂਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ 26 ਨਵੰਬਰ ਦੀ ਥਾਂ 11 ਦਸੰਬਰ ਨੂੰ ਸ਼ਹੀਦੀ ਸਮਾਰੋਹ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕਿਸਾਨ 11 ਦਸੰਬਰ ਨੂੰ ਦਿੱਲੀ ਬਾਰਡਰ 'ਤੇ ਇਕੱਠੇ ਹੋ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ ਅਤੇ ਅਭਿਮਨਿਊ ਕੋਹਾੜ ਨੇ ਐਲਾਨ ਕੀਤਾ ਕਿ 11 ਦਸੰਬਰ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਸਿੰਘੂ ਬਾਰਡਰ ਨੇੜੇ ਇਕੱਠੇ ਹੋ ਕੇ ‘ਸ਼ਹੀਦੀ ਸਮਾਗਮ’ ਕਰਨਗੇ। ਇਸ ਮੌਕੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸੱਦਾ ਦਿੱਤਾ ਜਾਵੇਗਾ।