ਚੰਡੀਗੜ੍ਹ, 28 ਨਵੰਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਕ ਦੋ ਹਫ਼ਤਿਆਂ ’ਚ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਸ਼ਡਿਊਲ ਜਾਰੀ ਕਰਨਾ ਸੀ। ਪੰਜਾਬ ਸਰਕਾਰ ਨੇ ਇਨ੍ਹਾਂ ਦੋਵਾਂ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਬਾਈ ਚੋਣ ਕਮਿਸ਼ਨ ਨੂੰ 22 ਨਵੰਬਰ ਨੂੰ ਭੇਜ ਦਿੱਤਾ ਸੀ। ਨੋਟੀਫਿਕੇਸ਼ਨ ਮਿਲਣ ਦੇ ਬਾਅਦ ਸੂਬਾਈ ਚੋਣ ਕਮਿਸ਼ਨ ਨੇ ਚੋਣਾਂ ਦਾ ਸ਼ਡਿਊਲ ਜਾਰੀ ਕਰਨਾ ਸੀ, ਜਿਹੜਾ ਹਾਲੇ ਤੱਕ ਜਾਰੀ ਨਹੀਂ ਹੋਇਆ। ਸੁਪੀਰਮ ਕੋਰਟ ਵਲੋਂ ਦਿੱਤੇ ਗਏ ਦੋ ਹਫ਼ਤਿਆਂ ਦਾ ਸਮਾਂ 26 ਨਵੰਬਰ ਨੂੰ ਖ਼ਤਮ ਹੋ ਚੁੱਕਾ ਹੈ। ਪਟੀਸ਼ਨਰ ਬੇਅੰਤ ਕੁਮਾਰ ਨੇ ਆਪਣੇ ਵਕੀਲ ਭੀਸ਼ਮ ਕਿੰਕਰ ਜ਼ਰੀਏ ਸੂਬਾਈ ਚੋਣ ਕਮਿਸ਼ਨ ਖ਼ਿਲਾਫ਼ ਹੁਕਮ ਅਦੂਲੀ ਪਟੀਸ਼ਨ ਦਾਖ਼ਲ ਕੀਤੀ ਹੈ। ਅੱਜ ਵੀਰਵਾਰ ਨੂੰ ਚੀਫ਼ ਜਸਟਿਸ ਦੇ ਬੈਂਚ ਅੱਗੇ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਮੰਗ ਰੱਖੀ ਗਈ ਹੈ। ਪਟੀਸ਼ਨਰ ਦੀ ਤਰਫੋਂ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਕੇ 22 ਨਵੰਬਰ ਨੂੰ ਰਾਜ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਸੀ। ਨੋਟੀਫਿਕੇਸ਼ਨ ਮਿਲਣ ਤੋਂ ਬਾਅਦ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ। ਇਸ ਕਾਰਨ ਉਨ੍ਹਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਪਿਛਲੀ ਸੁਣਵਾਈ 'ਤੇ ਅਦਾਲਤ ਨੇ ਉਨ੍ਹਾਂ ਨੂੰ ਇਹ ਅਧਿਕਾਰ ਦਿੱਤਾ ਸੀ ਕਿ ਜੇਕਰ ਭਵਿੱਖ 'ਚ ਉਨ੍ਹਾਂ ਨੂੰ ਲੱਗਦਾ ਹੈ ਕਿ ਮਾਮਲੇ 'ਚ ਉਚਿਤ ਕਾਰਵਾਈ ਨਹੀਂ ਹੋ ਰਹੀ ਤਾਂ ਉਹ ਦੁਬਾਰਾ ਅਦਾਲਤ 'ਚ ਆ ਸਕਦੇ ਹਨ।