ਗੁਰਦਾਸਪੁਰ, 29 ਸਤੰਬਰ 2024 : ਥਾਣਾ ਬਹਿਰਾਮਪੁਰ ਦੇ ਅਧੀਨ ਆਉਂਦੇ ਪਿੰਡ ਬੀਵਾਂ ਧਕਾਲਾ ਨੇੜੇ ਬੀਤੀ ਰਾਤ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਤੇ ਜਾ ਰਹੇ ਮਾਂ-ਪੁੱਤ ਨੂੰ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਮਾਂ-ਪੁੱਤ ਦੀ ਮੌਤ ਹੋ ਗਈ। ਇਸ ਘਟਨਾਂ ਸਬੰਧੀ ਥਾਣਾ ਬਹਿਰਾਮਪੁਰ ਦੀ ਪੁਲਿਸ ਵੱਲੋਂ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦਿਆਂ ਜਸ਼ਨਪ੍ਰੀਤ ਸਿੰਘ ਵਾਸੀ ਪੁਰਾਣਾ ਤਾਰਾਗੜ੍ਹ ਨੇ ਦੱਸਿਆ ਉਹ ਬੀਤੀ ਦੇਰ ਸ਼ਾਮ ਆਪਣੇ ਭਰਾ ਲਵਪ੍ਰੀਤ ਸਿੰਘ ਅਤੇ ਮਾਂ ਰਾਜਵੰਤ ਕੌਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਕੰਠਿਆਲੀ ਆਪਣੀ ਮਾਸੀ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੰਡ ਨੀਵਾਂ ਧਕਾਲਾ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੀ ਮਾਂ ਤੇ ਭਰਾ ਬੁਰੀ ਤਰ੍ਹਾਂ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਰਾਹਗੀਂਰਾਂ ਦੀ ਮੱਦਦ ਨਾਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਜੰਗੀਰ ਚੰਦ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਕਾਰ ਚਾਲਕ ਜਤਿਨ ਕੁਮਾਰ ਦੋਦਵਾਂ ਖਿਲਾਫ ਮੁਕੱਦਮਾ ਦਰਜ ਕਰਲਿਆ ਗਿਆ ਹੈ।