ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਇੱਕ ਨਵੰਬਰ ਦੇ ਦਿਨ ਨੂੰ ਦੁਖਦਾਇਕ ਅਤੇ ਕਾਲਾ ਦਿਨ ਕਰਾਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਨੂੰ ਪੰਜਾਬੀ ਸੂਬਾ ਕਰਾਰ ਦੇਣ ਦੀ ਮੰਗ ਕੀਤੀ ਜਾ ਰਹੀ ਸੀ, ਜਦੋਂ ਕਿ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਇਸ ਸਭ ਦੇ ਬਾਵਜੂਦ ਪੰਜਾਬ ਦੇ ਤਿੰਨ ਟੁਕੜੇ ਕਰਕੇ ਪੰਜਾਬ, ਹਰਿਆਣਾ ਤੇ ਹਿਮਾਚਲ ਬਣਾ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬਾਕੀ ਸਾਰੇ ਰਾਜਾਂ ਨੂੰ ਆਪਣੀ ਹਾਈਕੋਰਟ ਅਤੇ ਰਾਜਧਾਨੀਆਂ ਮਿਲੀਆਂ ਹੋਈਆਂ ਹਨ, ਪ੍ਰੰਤੂ ਪੰਜਾਬ ਨੂੰ ਆਪਣੀ ਹਾਈ ਕੋਰਟ ਰਾਜਧਾਨੀ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੀ ਇਸ ਤੋਂ ਵਾਂਝਾ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਕ ਨਵੰਬਰ 84 ਨੂੰ ਦੇਸ਼ ਦੇ ਤਤਕਾਲੀਨ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਹਿਣ ਤੇ ਸਾਰੇ ਦੇਸ਼ ਵਿੱਚ ਬੇਰਹਿਮੀ ਤੇ ਬੇਦਰਦੀ ਨਾਲ ਸਿੱਖਾਂ ਦੀ ਨਸਲਕੁਸ਼ੀ ਦਿੱਤੀ ਗਈ, ਸਿੱਖਾਂ ਦੇ ਗਲਾਂ ਵਿੱਚ ਟਾਇਰ ਜਲਾ ਕੇ ਜਿੰਦਾ ਸਾੜਿਆ ਗਿਆ ਲੱਖਾਂ ਧੀਆਂ ਭੈਣਾਂ ਦੀ ਬੇਪਤੀ ਕੀਤੀ ਗਈ ਪਰ ਅਫ਼ਸੋਸ ਦੀ ਗੱਲ ਹੈ ਕਿ 38 ਸਾਲ ਬਾਅਦ ਇਕ ਵੀ ਕਾਤਲ ਨੂੰ ਅਜੇ ਤੱਕ ਸਜ਼ਾ ਨਹੀਂ ਮਿਲੀ । ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ 1984 ਦੇ ਸਿੱਖ ਕਤਲੇਆਮ ਬਾਰੇ ਤਤਕਾਲੀਨ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵੱਲੋਂ ਕਿਹਾ ਗਿਆ ਕਿ ਜਬ ਬੜਾ ਪੇੜ ਗਿਰਤਾ ਹੈ ਤੋ ਧਰਤੀ ਕਾਪਤੀ ਹੈ,ਉਨ੍ਹਾਂ ਕਿਹਾ ਕਿ ਅਜਿਹਾ ਬੋਲ ਕੇ ਸਿੱਖਾਂ ਦੇ ਜ਼ਖ਼ਮਾਂ ਤੇ ਹੋਰ ਨਮਕ ਛਿੜਕਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਚੀਮਾ , ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ , ਬਲਵਿੰਦਰ ਸਿੰਘ ਭਮਾਰਸੀ, ਨਰਿੰਦਰਜੀਤ ਸਿੰਘ ਭਵਾਨੀਗਡ਼੍ਹ, ਗੁਰਦੀਪ ਸਿੰਘ ਨੌਲਖਾ, ਹਰਮਨ ਸਿੰਘ , ਹਰਜੀਤ ਸਿੰਘ ਅਲੀਪੁਰ, ਗਗਨਦੀਪ ਸਿੰਘ, ਪਰਮਿੰਦਰ ਸਿੰਘ ਸੋਨੂੰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।