
ਚੰਡੀਗੜ੍ਹ, 28 ਦਸੰਬਰ 2024 : ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਇਕ ਸੁਨੇਹਾ ਵੀ ਦਿੱਤਾ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ 30 ਦਸੰਬਰ ਨੂੰ ਕਿਹੜੀਆਂ ਸੇਵਾਵਾਂ ਬੰਦ ਰਹਿਣਗੀਆਂ ਅਤੇ ਇਸ ਬੰਦ ਦੌਰਾਨ ਕਿਹੜੀਆਂ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਬੰਦ ਦੌਰਾਨ ਪੈਟਰੋਲ ਪੰਪ ਅਤੇ ਗੈਸ ਏਜੰਸੀਆਂ, ਰੇਲ ਸੇਵਾਵਾਂ, ਦੁਕਾਨਾਂ, ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹਿਣਗੇ। ਸਰਵਣ ਸਿੰਘ ਨੇ ਦੱਸਿਆ ਕਿ ਸਿਰਫ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ। ਜਿਸ ਵਿੱਚ ਮੈਡੀਕਲ ਸੇਵਾਵਾਂ, ਵਿਆਹ ਦੀ ਰਸਮ, ਹਵਾਈ ਅੱਡੇ ਦੀਆਂ ਜ਼ਰੂਰੀ ਸੇਵਾਵਾਂ, ਬੱਚਿਆਂ ਦੀ ਇੰਟਰਵਿਊ ਕਰਨ ਵਰਗੀਆਂ ਮਹੱਤਵਪੂਰਨ ਪ੍ਰਕਿਰਿਆਵਾਂ ਸ਼ਾਮਲ ਹਨ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਹੈ ਕਿ ਉਹ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਉਹ ਕਿਸਾਨਾਂ ਦੇ ਨਾਲ ਹਨ ਜਾਂ ਮੋਦੀ ਸਰਕਾਰ ਦੇ ਨਾਲ।