ਪੰਜਾਬ ਵਿੱਚ ਸਕੂਲ ਮੁੜ ਬੰਦ ਹੋ ਸਕਦੇ ਹਨ। ਇਹ ਸੰਕੇਤ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰੋਨਾ ਕੇਸ ਸਾਹਮਣੇ ਆਉਣ ਮਗਰੋਂ ਮਿਲੇ ਹਨ। ਬੇਸ਼ੱਕ ਇਸ ਬਾਰੇ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਪਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਜੇ ਲੋੜ ਪਈ ਤਾਂ ਸਕੂਲ ਬੰਦ ਕੀਤੇ ਜਾ ਸਕਦੇ ਹਨ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਇਸ ਸਬੰਧੀ ਪੰਜਾਬ ਦੇ ਚੀਫ ਸੈਕਟਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਸਥਿਤੀ ਦੀ ਪੜਚੋਲ ਕਰਨ ਤੋਂ ਬਾਅਦ ਜੇ ਲੋੜ ਪਈ ਤਾਂ ਸਕੂਲ ਮੁੜ ਬੰਦ ਕੀਤੇ ਜਾ ਸਕਦੇ ਹਨ।
ਦੱਸ ਦਈਏ ਕਿ ਲੁਧਿਆਣਾ ਦੇ ਦੋ ਸਕੂਲਾਂ ਦੇ ਦੋ ਦਰਜਨ ਬੱਚੇ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਏ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਨਿਊ ਸੁਭਾਸ਼ ਨਗਰ ਤੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 20 ਬੱਚੇ ਕੋਰੋਨਾ ਦੀ ਚਪੇਟ ਵਿੱਚ ਆਏ ਹਨ। ਸਿਹਤ ਅਧਿਕਾਰੀ ਨੇ ਦੱਸਿਆ ਕਿ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੇ 12 ਬੱਚੇ ਕੋਰੋਨਾ ਦੀ ਲਪੇਟ ਵਿੱਚ ਹਨ। ਜਦਕਿ ਨਿਊ ਸੁਭਾਸ਼ ਨਗਰ ਦੇ 8 ਬੱਚੇ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਦੋਵੇਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਦੇ ਰੈਪਿਡ ਟੈਸਟ ਕੀਤੇ ਗਏ ਸਨ। 41 ਟੈਸਟਾਂ ਦੀ ਜਾਂਚ ਦੌਰਾਨ 20 ਬੱਚੇ ਕੋਰੋਨਾ ਦੀ ਚਪੇਟ ਵਿੱਚ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਆਰਟੀਪੀਸੀ ਸੈਂਪਲ ਜਾਂਚ ਲਈ ਪਟਿਆਲਾ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਉਧਰ, ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰੋਨਾ ਕੇਸ ਸਾਹਮਣੇ ਆਉਣ ਪਿੱਛੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਚੀਫ ਸੈਕਟਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਜਾ ਰਹੀ ਹੈ।