ਅੰਮ੍ਰਿਤਸਰ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ ਬੇਅਦਬੀ ਮਾਮਲਿਆਂ ਦੇ ਦੋਸ਼ਾਂ ਵਿਚ ਘਿਰੇ ਗੁਰਮਤਿ ਰਾਮ ਰਹੀਮ ’ਤੇ ਖਾਸ ਮਿਹਰਬਾਨੀ ਦਿਖਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ਅੰਦਰ ਨਜ਼ਰਬੰਦ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਇਥੋਂ ਤੱਕ ਕਿ ਬਹੁਤ ਸਾਰੇ ਬੰਦੀ ਸਿੰਘਾਂ ਨੂੰ ਪੈਰੋਲ ਵੀ ਨਸੀਬ ਨਹੀਂ ਹੋਈ। ਇਹ ਦੋਹਰੀ ਨੀਤੀ ਹੈ, ਜਿਸ ’ਤੇ ਸਰਕਾਰਾਂ ਸਵਾਲਾਂ ਦੇ ਘੇਰੇ ਵਿਚ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਰਾਜਸੀ ਲਾਹਾ ਲੈਣ ਲਈ ਅਜਿਹੇ ਹੱਥਕੰਡੇ ਦੇਸ਼ ਦੇ ਹਿੱਤ ਵਿਚ ਨਹੀਂ ਹਨ ਅਤੇ ਸਰਕਾਰਾਂ ਨੂੰ ਸਿੱਖ ਭਾਵਨਾਵਾਂ ਦਿਖਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।