ਚੰਡੀਗੜ੍ਹ : ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਨਵਾਂ ਗਾਉਂ ਵਿਖੇ ਕਮੇਟੀ ਦਫਤਰ ਕੋਲ ਚੌਂਕ ‘ਚ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਤੋਂ ਇਹ ਚੋਂਕ ਭਗਤ ਸਿੰਘ ਚੌਂਕ ਦੇ ਨਾਮ ਨਾਲ ਜਾਣਿਆ ਜਾਵੇਗਾ। ਸ਼ਹੀਦ-ਏ-ਆਜ਼ਮ ਦੇ ਬੁੱਤ ਦੀ ਸਥਾਪਨਾ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ਦੀ ਮੁਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਨਵਾਂ ਗਾਉਂ 'ਚ ਜਲਦੀ ਹੀ ਸੂਬਾ ਸਰਕਾਰ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ) ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ ਨਵਾਂ ਗਾਉਂ ਪਹੁੰਚਣ ਤੇ ਭਾਰੀ ਇਕੱਠ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਕੈਬਨਿਟ ਮੰਤਰੀ ਨੇ ਲੋਕਾਂ ਦੇ ਇਕੱਠ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜਿਹੇ ਸਾਡੇ ਨਾਇਕ ਹਮੇਸ਼ਾਂ ਸਾਡੀ ਸੋਚ ’ਚ ਜਿਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਾਡੀ ਜ਼ਿੰਮੇਂਵਾਰੀ ਹੈ ਕਿ ਉਨ੍ਹਾਂ ਦੀ ਸੋਚ ਅਤੇ ਇਤਿਹਾਸ ਨੂੰ ਅਸੀਂ ਆਪਣੀ ਨਵੀਂ ਪੀੜ੍ਹੀ ਅਤੇ ਆਉਣ ਵਾਲੀ ਪੀੜ੍ਹੀ ਤੱਕ ਲੈ ਜਾਈਏ । ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੇ ਗੁਲਾਮੀ ਨੂੰ ਨਾ-ਮਨਜ਼ੂਰ ਕਰਕੇ ਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਚੜ੍ਹਦੀ ਉਮਰੇ ਦੇਸ਼ ਲਈ ਮਰ ਮਿਟਣ ਅਤੇ ਕੁਰਬਾਨੀ ਨੂੰ ਪਹਿਲ ਦਿੱਤੀ। ਉਨ੍ਹਾਂ ਵੱਲੋਂ ਦੇਸ਼ ਲਈ ਕੀਤੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਨ, ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਵੱਚਨਬੱਧ ਹੈ। ਉਨ੍ਹਾਂ ਕਿਹਾ ਨਵਾਂ ਗਾਉਂ ‘ਚ ਲੋਕਾਂ ਦੀਆਂ ਮੁਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਥੇ ਜਲਦੀ ਹੀ ਸੂਬਾ ਸਰਕਾਰ ਵੱਲੋਂ ਸੀਵਰੇਜ਼ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਨਿੱਤ ਆਉਂਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੁਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸੂਬਾ ਸਰਕਾਰ ਲੋਕਾਂ ਦੇ ਚੌਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਇਸ ਪ੍ਰੋਗਰਾਮ ਦਾ ਪ੍ਰਬੰਧ ਨਵਾਂ ਗਰਾਓਂ-ਮੁਲਾਂਪੁਰ-ਮਾਜਰੀ ਪ੍ਰੈਸ ਕਲੱਬ ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਨਵਾਂ ਗਰਾਓਂ ਪ੍ਰਧਾਨ ਨਗਰ ਕੌਸਲ ਬੀਬੀ ਬਲਵਿੰਦਰ ਕੌਰ ਮੰਡ, ਨਵਾਂ ਗਰਾਓਂ ਦੇ ਕਾਰਜ ਸਾਧਕ ਅਧਿਕਾਰੀ ਸ੍ਰੀ ਅਸ਼ੋਕ ਕੁਮਾਰ ਅਤੇ ਪ੍ਰੈਸ ਕਲੱਬ ਦੇ ਚੇਅਰਮੈਨ ਸ੍ਰੀ ਤਰਸੇਮ ਲਾਲ ਸ਼ਰਮਾਂ, ਪ੍ਰਧਾਨ ਜੇ.ਕੇ.ਭੱਠ, ਸੰਜੀਵ ਮਲਿਕ ਅਤੇ ਹੋਰ ਵਲੰਟੀਅਰ ਵੱਡੀ ਗਿਣਤੀ ਵਿੱਚ ਵਿਸ਼ੇਸ ਤੌਰ ਤੇ ਹਾਜ਼ਰ ਸਨ।