- ਲੋਕਾਂ ਦੀ ਭਲਾਈ ਲਈ ਪਿੰਡਾਂ ਵਿਚ ‘ਸਰਕਾਰ ਤੁਹਾਡੇ ਦੁਆਰ’ ਪ੍ਰਗੋਰਾਮ ਕਰਵਾਉਣ ਲਈ ਆਖਿਆ
- ਜ਼ਿਲ੍ਹਿਆਂ ਵਿਚ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹੇ
- ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਭਲਾਈ ਸਕੀਮਾਂ ਤੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
ਚੰਡੀਗੜ੍ਹ, 4 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕ ਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕਰਨ ਦੇ ਆਦੇਸ਼ ਦਿੱਤੇ। ਇੱਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਸਕੀਮਾਂ ਰਾਹੀਂ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਲੋੜੀਂਦੇ ਨਤੀਜਿਆਂ ਲਈ ਇਨ੍ਹਾਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਆਦਮੀ ਦੀ ਭਲਾਈ ਲਈ ਹੇਠਲੇ ਪੱਧਰ ‘ਤੇ ਅਜਿਹੀਆਂ ਸਕੀਮਾਂ ਲਾਗੂ ਕਰਨ ਦੀ ਨਿਗਰਾਨੀ ਖੁਦ ਕਰਨਗੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹੇ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਤੇ ਭਲਾਈ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਹੱਲ ਕਰਨ ਲਈ ਏਨਾ ਸਮਾਂ ਦੇਣ ਦੀ ਪਹਿਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕਰਨ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਸਹਾਈ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਾਬੰਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਸੁਖਾਲੇ ਢੰਗ ਨਾਲ ਕਰਵਾਉਣ ਅਤੇ ਉਨ੍ਹਾਂ ਲਈ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਡਰਾਈਵਿੰਗ ਲਾਇਸੈਂਸ (ਡੀ.ਐਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਦਾ ਕੋਈ ਬਕਾਇਆ ਕੇਸ ਨਾ ਰਹਿਣ ਦੇਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਤਕਨੀਕੀ ਕਾਰਨਾਂ ਕਰਕੇ ਲੰਬਿਤ ਪਏ ਆਰ.ਸੀਜ਼ ਅਤੇ ਲਾਇਸੰਸ ਦੇ ਕੇਸ ਪਹਿਲ ਦੇ ਆਧਾਰ ਉਤੇ ਨਿਪਟਾਉਣ ਦੇ ਆਦੇਸ਼ ਦਿੱਤੇ। ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਸੇਵਾਵਾਂ ਦਾ ਕੋਈ ਵੀ ਕੇਸ ਲੰਬਿਤ ਨਾ ਰਹੇ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜ਼ੀਆਂ ਦਾ ਨਿਪਟਾਰਾ ਅਧਿਕਾਰੀ ਸਮੇਂ ਸਿਰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਸਬ-ਡਵੀਜ਼ਨ ਪੱਧਰ ਤੋਂ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ਤੱਕ ਬਕਾਇਆ ਪਏ ਕੰਮਾਂ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਇਸ ਨੂੰ ਛੇਤੀ ਤੋਂ ਛੇਤੀ ਦੂਰ ਕਰਨ ਲਈ ਢੁਕਵੀਂ ਵਿਵਸਥਾ ਤਿਆਰ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਡਾਕਟਰੀ ਸੇਵਾਵਾਂ ਦੀ ਨਿਯਮਤ ਜਾਂਚ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਤਸਕਰੀ ਨੂੰ ਜੜ੍ਹੋਂ ਪੁੱਟਣ ਲਈ ਕਿਸੇ ਵੀ ਸੂਰਤ ਵਿਚ ਕਿਸੇ ਨਾਲ ਕੋਈ ਲਿਹਾਜ਼ ਨਾ ਵਰਤਿਆ ਜਾਵੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੌਨਸੂਨ ਦੇ ਮੱਦੇਨਜ਼ਰ ਹੜ੍ਹ ਰੋਕੂ ਕਾਰਜ ਹਰ ਹਾਲ ਵਿਚ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬਾ ਭਰ ਵਿੱਚ ਕੀਤੇ ਜਾ ਰਹੇ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਕੋਈ ਜਾਨੀ ਨੁਕਸਾਨ ਨਾ ਹੋਵੇ।