ਜਲੰਧਰ, 15 ਸਤੰਬਰ 2024 : ਅੰਮ੍ਰਿਤਸਰ ਦੇ ਦੋ ਨੌਜਵਾਨਾਂ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 8 ਨੌਜਵਾਨ ਦੋ ਗੱਡੀਆਂ ‘ਤੇ ਸਵਾਰ ਹੋ ਕੇ ਘਰੋਂ ਸ੍ਰੀ ਹੇਮਕੁੰਢ ਸਾਹਿਬ ਦੀ ਯਾਤਰਾ ਲਈ ਚੱਲੇ ਸਨ, ਜਦੋਂ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਇੱਕ ਗੱਡੀ ਦਾ ਟਾਇਰ ਪੈਂਚਰ ਹੋ ਗਿਆ, ਖੁਦ ਨੌਜਵਾਨਾਂ ਨੇ ਪੈਂਚਰ ਲਗਾਇਆ ਅਤੇ ਜਦੋਂ ਗੱਡੀ ਵਿੱਚ ਬੈਠਣ ਲੱਗੇ ਤਾਂ ਇੱਕ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਨੂੰ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਇਸ ਹਾਦਸੇ ਵਿੱਚ ਹਰਮਨ ਸਿੰਘ ਦਮਨ ਵਾਸੀ ਅੰਮ੍ਰਿਤਸਰ ਦੀ ਮੌਕੇ ਤੇ ਮੌਤ ਹੋ ਗਈ, ਜਦੋਂ ਕਿ ਨਰਿੰਦਰ ਸਿੰਘ ਸ਼ੌਂਕੀ ਭਾਟੀਆ ਵਾਸੀ ਫਤਿਹਗੜ੍ਹ ਚੂੜੀਆਂ ਇਲਾਜ ਦੌਰਾਨ ਦਮਤੋੜ ਗਿਆ। ਇਹ ਵੀ ਪਤਾ ਲੱਗਾ ਹੈ ਕਿ ਟੱਕਰ ਮਾਰਨ ਵਾਲੀ ਗੱਡੀ ਦਾ ਚਾਲਕ ਅਤੇ ਉਸਦਾ ਸਾਥੀ ਨਸ਼ੇ ਵਿੱਚ ਸਨ ਤੇ ਉਨ੍ਹਾਂ ਦੀ ਗੱਡੀ ਵਿੱਚੋਂ ਵੀ ਸ਼ਰਾਬ ਦੀਆਂ ਬੋਤਲਾਂ ਮਿਲੀਆਂ ਹਨ, ਮੌਕੇ ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰਦਿੱਤੀ ਹੈ।