ਹੁਸ਼ਿਆਰਪੁਰ, 16 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਸਿਹਤ ਤੇ ਸਿੱਖਿਆ ਹੈ ਅਤੇ ਇਨ੍ਹਾਂ ਦੋਵਾਂ ਵਿਸ਼ਿਆਂ ’ਤੇ ਸਰਕਾਰ ਬਹੁਤ ਹੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਂ ਸਿੱਖਿਆ ਨੂੰ ਸੂਬੇ ਵਿਚ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਗਈ ਹੈ, ਜਿਸ ਦੇ ਸਾਰਥਕ ਨਤੀਜੇ ਆਉਣ ਵਾਲੇ ਸਮੇਂ ਵਿਚ ਦੇਖਣ ਨੂੰ ਮਿਲਣਗੇ। ਉਹ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਆਦਮਵਾਲ ਵਿਚ ਸਕੂਲ ਨੂੰ ਫਰਨੀਚਰ ਦਾ ਸਾਮਾਨ ਭੇਟ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਸਕੂਲ ਨੂੰ ਕੁਰਸੀਆਂ, ਟੀਚਰ ਟੇਬਲ, ਛੋਟੀਆਂ ਅਲਮਾਰੀਆਂ ਆਦਿ ਭੇਟ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸੰਜੀਵ ਗੌਤਮ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸਕੂਲ ਦੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਸਕੂਲ ਡਰੈਸ ਭੇਟ ਕਰਦੇ ਹੋਏ ਸਕੂਲ ਦੇ ਅਧਿਆਪਕਾਂ ਨਾਲ ਸਕੂਲ ਦੀਆਂ ਜ਼ਰੂਰਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਕੂਲ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਬੱਚਿਆਂ ਦੀ ਸਿੱਖਿਆ ਅਤੇ ਖੇਡ ਨਾਲ ਜੁੜੀ ਹਰੇਕ ਜ਼ਰੂਰਤ ਨੂੰ ਜਲਦ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਇਥੇ ਆ ਕੇ ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਬਹੁਤ ਚੰਗਾ ਲੱਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਜਿਥੇ ਮਨ ਲਗਾ ਕੇ ਪੜ੍ਹਨ ਲਈ ਪ੍ਰੇਰਿਤ ਕੀਤਾ, ਉਥੇ ਉਨ੍ਹਾਂ ਨੂੰ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਇਸ ਦੌਰਾਨ ਉਹ ਸਕੂਲ ਵਿਚ ਮਿਡ-ਡੇ-ਮੀਲ ਦੇ ਕੰਮ ਨੂੰ ਦੇਖ ਕੇ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਮਿਡ-ਡੇ-ਮੀਲ ਵਰਕਰਾਂ ਨੂੰ ਆਪਣੇ ਵਲੋਂ ਵੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕਾਂ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਪਿੰਡ ਦੇ ਹੋਰ ਪਤਵੰਤੇ ਵੀ ਮੌਜੂਦ ਸਨ।