ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਭਲਕੇ ਦੀਵਾਲੀ ਵਾਲੇ ਦਿਨ ਸਭ ਧਰਮਾਂ ਦੇ ਲੋਕ ਸਿਰਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਇਕੱਠੇ ਹੋ ਕੇ ਸਿੱਧੂ ਮੂਸੇਵਾਲਾ ਦੇ ਸਮਾਰਕ ਤੇ ਪਹੁੰਚ ਕੇ ਵੈਰਾਗਮਈ ਕੀਰਤਨ ਕਰਨਗੇ ਅਤੇ ਉਨ੍ਹਾਂ ਵੱਲੋਂ ਮਸ਼ਾਲ ਜਗਾ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮੂਸਾ ਪਿੰਡ ਵੱਲੋਂ ਇਸ ਵਾਰ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਵੀ ਕੀਤੀ ਗਈ ਹੈ ਕਿ ਕੋਈ ਵੀ ਆਪਣੇ ਘਰਾਂ ਤੇ ਦੀਪਮਾਲਾ ਨਹੀਂ ਕਰੇਗਾ ਅਤੇ ਨਾ ਹੀ ਪਟਾਖੇ ਚਲਾਵੇਗਾ, ਉਥੇ ਹੀ ਸਿੱਧੂ ਮੂਸੇਵਾਲਾ ਦੀ ਟੀਮ ਵੱਲੋਂ ਵੀ ਸਿੱਧੂ ਦੀ ਸਮਾਰਕ ਤੇ ਪਹੁੰਚ ਕੇ ਐਲਾਨ ਕਰ ਦਿੱਤਾ ਹੈ ਕਿ ਦੀਵਾਲੀ ਵਾਲੇ ਦਿਨ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਸਿਰਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਹੱਥਾਂ ਚ ਤਖ਼ਤੀਆਂ ਫੜ ਕੇ ਸਮਾਰਕ ਕੋਲ ਬੈਠਣਗੇ ਅਤੇ ਸਭ ਧਰਮਾਂ ਦੇ ਵਿਅਕਤੀ ਇੱਕੋ ਸਮੇਂ ਮਸ਼ਾਲ ਜਗਾ ਕੇ ਸਰਕਾਰ ਖਿਲਾਫ ਰੋਸ ਪ੍ਰਗਟ ਕਰਨਗੇ ਅਤੇ ਵਿਰਾਗਮਈ ਕੀਰਤਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਨਸਾ ਹਲਕੇ ਵਿੱਚ ਪੰਚਾਇਤਾਂ ਵੱਲੋਂ ਦੀਵਾਲੀ ਨਾ ਮਨਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਸਿੱਧੂ ਮੂਸੇਵਾਲਾ ਦੇ ਸਮਾਰਕ ਤੇ ਵੀ ਪਹੁੰਚਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੇ ਪ੍ਰਸੰਸਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਕਾਲੀ ਦੀਵਾਲੀ ਮਨਾਉਣ ਤਾਂ ਕਿ ਅਸੀਂ ਪੰਜਾਬ ਸਰਕਾਰ ਦਾ ਵਿਰੋਧ ਕਰ ਸਕੀਏ ਅਤੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਇਕ ਪਹਿਲ ਕਦਮੀ ਕਰੀਏ।