ਲੁਧਿਆਣਾ : ਬਟਾਲਾ (ਗੁਰਦਾਸਪੁਰ) ਦੀ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਸ਼ੂਗਰ ਮਿੱਲ ਬਟਾਲਾ ਨੇੜਲੇ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਕੱਲ੍ਹ ਤੋਂ 14 ਦਸੰਬਰ 2022 ਤੱਕ ਕਰਵਾਈਆਂ ਜਾ ਰਹੀਆਂ ਓਲੰਪਿਕ ਚਾਰਟਰ ਦੀਆਂ 29ਵੀਂ ਕਮਲਜੀਤ ਖੇਡਾਂ-2022 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਖਿਡਾਰੀਆਂ ਨੂੰ ਸਨਮਾਨਤ ਕਰਨ ਲਈ ਬਣਾਈ ਕਮੇਟੀ ਦੇ ਮੁਖੀ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਅੱਜ ਲੁਧਿਆਣਾ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਦਸੰਬਰ ਨੂੰ ਖੇਡ ਜਗਤ ਦੀਆਂ ਛੇ ਉਘੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ। ਸਨਮਾਨਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੀ ਨਗਦ ਇਨਾਮ ਰਾਸ਼ੀ, ਸਨਮਾਨ ਪੱਤਰ, ਜੋਸ਼ੀਲਾ ਤੇ ਪੁਸਤਕਾਂ ਦਾ ਸੈੱਟ ਭੇਂਟ ਕੀਤਾ ਜਾਵੇਗਾ। ਇਸ ਵਾਰ ਅਰਜੁਨਾ ਐਵਾਰਡੀ ਵਿਕਾਸ ਠਾਕੁਰ ਨੂੰ ਸ਼ਹੀਦ ਮੇਜਰ ਵਜਿੰਦਰ ਸਿੰਘ ਸ਼ਾਹੀ ਪੰਜਾਬ ਦਾ ਗੌਰਵ ਐਵਾਰਡ, ਓਲੰਪੀਅਨ ਸਰਵਨਜੀਤ ਸਿੰਘ ਨੂੰ ਸੁਰਜੀਤ ਯਾਦਗਾਰੀ ਐਵਾਰਡ, ਅਥਲੀਟ ਗੁਰਿੰਦਰਵੀਰ ਸਿੰਘ ਨੂੰ ਕਮਲਜੀਤ ਯਾਦਗਾਰੀ ਐਵਾਰਡ, ਰਾਸ਼ਟਰਮੰਡਲ ਖੇਡਾਂ ਦੀ ਤਮਗ਼ਾ ਜੇਤੂ ਵੇਟਲਿਫਟਰ ਹਰਜਿੰਦਰ ਕੌਰ ਨੂੰ ਹਰਜੀਤ ਬਰਾੜ ਬਾਜਾਖਾਨਾ ਯਾਦਗਾਰੀ ਐਵਾਰਡ, ਕੌਮਾਂਤਰੀ ਫੁਟਬਾਲਰ ਸੁਖਪਾਲ ਸਿੰਘ ਰੰਧਾਵਾ ਨੂੰ ਮਾਝੇ ਦਾ ਮਾਣ ਐਵਾਰਡ ਅਤੇ ਭਾਰਤ ਦੇ ਸਾਬਕਾ ਚੀਫ ਕੋਚ ਅਥਲੈਟਿਕਸ ਹਰਭਜਨ ਸਿੰਘ ਰੰਧਾਵਾ (ਪਿੰਡ ਨੰਗਲੀ ਨੇੜੇ ਮਹਿਤਾ ਚੌਂਕ) ਨੂੰ ਅਮਰਜੀਤ ਸਿੰਘ ਗਰੇਵਾਲ ਯਾਦਗਾਰੀ ਐਵਾਰਡ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕਮੇਟੀ ਦੀ ਵਰਚੂਅਲ ਮੀਟਿੰਗ ਹੋਈ ਜਿਸ ਵਿੱਚ ਕਮੇਟੀ ਮੈਂਬਰ ਪ੍ਰੋ. ਸੁਰਿੰਦਰ ਸਿੰਘ ਕਾਹਲੋਂ, ਪ੍ਰੋ. ਸੁਖਵੰਤ ਸਿੰਘ ਗਿੱਲ, ਓਲੰਪੀਅਨ ਮਨਜੀਤ ਕੌਰ ਤੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਨੇ ਹਿੱਸਾ ਲਿਆ ਅਤੇ ਵੱਖ-ਵੱਖ ਖਿਡਾਰੀਆਂ ਦੀਆਂ ਪ੍ਰਾਪਤੀਆਂ ਉਤੇ ਵਿਚਾਰ ਵਟਾਂਦਰਾ ਕਰਕੇ ਸਨਮਾਨਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਫੈਸਲਾ ਕੀਤਾ ਗਿਆ ਹੈ।