- ਐਮ.ਐਲ.ਏ. ਸੇਖੋਂ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਕੀਤਾ ਉਤਸ਼ਾਹਿਤ
ਫ਼ਰੀਦਕੋਟ 23 ਜਨਵਰੀ : ਫ਼ਰੀਦਕੋਟ ਪੁਲਿਸ ਵਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਲਈ "ਉਮੀਦ ਪ੍ਰੋਗਰਾਮ" ਤਹਿਤ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਹਾਕੀ ਅਤੇ ਕਬੱਡੀ ਦੇ ਮੈਚ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਐਮ.ਐਲ.ਏ.ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਉੱਚੇਚੇ ਤੌਰ ਤੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੇ। ਸ. ਸੇਖੋਂ ਨੇ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਤੰਦਰੁਸਤ ਰੱਖਦੀਆਂ ਹਨ, ਉਥੇ ਹੀ ਸਾਨੂੰ ਅੱਗੇ ਵਧਣ ਦੀ ਵੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ ਅਤੇ ਆਪਣਾ ਧਿਆਨ ਖੇਡਾਂ ਵੱਲ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਤੇ ਸਭ ਤੋਂ ਜ਼ਿਆਦਾ ਜੋਰ ਦੇ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ ਵਿੱਚ ਲਿਆਂਦਾ ਜਾਵੇ। ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਜ਼ਮੀਨੀ ਪੱਧਰ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਟਰੈਕ ਸੂਟ ਦੇ ਕੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ, ਅਤੇ ਆਪਾਂ ਸਭ ਨੂੰ ਰਲ ਮਿਲ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਿਕ ਅਤੇ ਮਾਨਸਿਕ ਪੱਖੋ ਵੀ ਵਿਕਾਸ ਹੁੰਦਾ ਹੈ। ਬੱਚਿਆਂ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕਰਨ ਲਈ ਨੌਜਵਾਨ ਵੱਡਮੁੱਲਾ ਰੋਲ ਅਦਾ ਕਰ ਰਹੇ ਹਨ। ਐਸ.ਐਸ.ਪੀ ਸ.ਹਰਜੀਤ ਸਿੰਘ ਨੇ ਕਿਹਾ ਕਿ ਖੇਡਾਂ ਦਾ ਮਨੁੱਖ ਦੇ ਜੀਵਨ ਵਿੱਚ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਨ੍ਹਾਂ ਖੇਡ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਖੇਡਾਂ ਵੱਲ ਉਤਸ਼ਾਹਿਤ ਹੋਣ ਅਤੇ ਨਸ਼ਿਆਂ ਦੇ ਦਲਦਲ ਵਿੱਚ ਨਾ ਫਸਣ। ਉਨ੍ਹਾਂ ਕਿਹਾ ਕਿ ਲੋਕ ਨਸ਼ੇ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਾਥ ਦੇਣ ਲੱਗੇ ਹਨ। ਇਸ ਮੌਕੇ ਐਸ.ਡੀ.ਐਮ ਫ਼ਰੀਦਕੋਟ ਸ੍ਰੀ ਵਰੁਣ ਕੁਮਾਰ,ਉਲੰਪੀਅਨ ਚੰਦ ਸਿੰਘ, ਹਾਕੀ ਖਿਡਾਰੀ ਰੁਪਿੰਦਰ ਪਾਲ ਸਿੰਘ, ਸ਼ੂਟਰ ਸਿਫਤ ਕੌਰ ਸਮਰਾ ਅਤੇ ਹੋਰ ਖਿਡਾਰੀ ਹਾਜ਼ਰ ਸਨ।