ਚੰਡੀਗੜ੍ਹ, 25 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਕੋਟਕਪੂਰਾ ਗੋਲੀ ਕਾਂਡ ਉਤੇ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਦੀ ਰਿਪੋਰਟ ਉਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਮੌਜੂਦ ਸਨ। ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਉਤੇ ਫੇਲ੍ਹ ਹੋਈ ਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਹੀ ਸਭ ਕੁਝ ਕੀਤਾ ਜਾ ਰਿਹਾ ਹੈ। ਮਹਿਜ਼ ਸਿਆਸੀ ਹਿੱਤਾਂ ਦੀ ਪੂਰਤੀ ਲਈ ਹੀ ਰਿਪੋਰਟ ਤਿਆਰ ਕਰਵਾਈ ਗਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਪ੍ਰਕਿਰਿਆ ਦਾ ਸਹਾਰਾ ਲਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਰਿਪੋਰਟ ਸਬੰਧੀ ਹਾਈ ਕੋਰਟ ਦੇ ਹੁਕਮਾਂ ਦੀ ਵੀ ਉਲੰਘਣਾ ਕੀਤੀ ਗਈ। ਇਸ ਰਿਪੋਰਟ ਨੂੰ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਪਹਿਲਾਂ ਹੀ ਨਸ਼ਰ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਵਾਲ ਕੀਤਾ ਕਿ ਸਪੀਕਰ ਸਾਹਿਬ ਦੱਸਣ ਕਿ ਉਨ੍ਹਾਂ ਨੂੰ ਕਿਵੇਂ ਪਤਾ ਸੀ ਕਿ 28 ਤਾਰੀਕ ਤੋਂ ਪਹਿਲਾਂ ਹੀ ਚਲਾਨ ਪੇਸ਼ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਲੱਭੇ ਨਹੀਂ ਬਣਾਏ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਕਿ ਪੰਜਾਬ ਵਿਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਚਾਰੇ ਪਾਸੇ ਸਹਿਮ ਦਾ ਮਾਹੌਲ ਹੈ। ਮਹੇਸ਼ਇੰਦਰ ਗਰੇਵਾਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿਆਸਤ ਦੀ ਬਜਾਏ ਪੰਜਾਬ ਦੇ ਮਸਲਿਆਂ ਦਾ ਹੱਲ ਕਰਨ।