- ਆਪ ਸਰਕਾਰ ਵੱਲੋਂ ਲੋਕਾਂ ਦੇ ਫਤਵੇ ਨਾਲ ਚੁਣੀਆਂ ਪੰਚਾਇਤਾਂ ਭੰਗ ਕਰ ਕੇ ਵੱਡਾ ਧੋਖਾ ਕੀਤਾ ਤੇ ਲੋਕਾਂ ਦੇ ਨੁਮਾਇੰਦਿਆਂ ਨੂੰ ਡਾਕੂ ਦੱਸ ਕੇ ਉਹਨਾਂ ਦਾ ਅਪਮਾਨ ਕੀਤਾ
ਚੰਡੀਗੜ੍ਹ, 1 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਚਾਇਤਾਂ ਭੰਗ ਕਰ ਕੇ ਜ਼ਮੀਨੀ ਪੱਧਰ ’ਤੇ ਲੋਕਤੰਤਰ ਦਾ ਕਤਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ ਮੰਗਿਆ ਤੇ ਇਸਨੇ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕੀਤਾ। ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਪੰਚਾਇਤਾਂ ਭੰਗ ਕਰਨ ਵਿਰੁੱਧ ਜਨ ਹਿੱਤ ਪਟੀਸ਼ਨ ਦਾਇਰ ਕਰਨ ਵਾਲੇ ਅਕਾਲੀ ਨੌਜਵਾਨ ਆਗੂ ਗੁਰਜੀਤ ਸਿੰਘ ਤਲਵੰਡੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਸਰਦਾਰ ਭੂੰਦੜ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਪਹਿਲਾਂ ਕਾਰਜਕਾਲ ਪੂਰਾ ਹੋਣ ਤੋਂ ਛੇ ਮਹੀਨੇ ਪਹਿਲਾਂ ਹੀ ਪੰਚਾਇਤਾਂ ਭੰਗ ਕਰ ਕੇ ਲੋਕਾਂ ਦੇ ਫਤਵੇ ਨਾਲ ਧੋਖਾ ਕੀਤਾ ਤੇ ਇਸ ਮਗਰੋਂ ਨੁਮਾਇੰਦਿਆਂ ਨੂੰ ਡਾਕੂ ਦੱਸ ਕੇ ਉਹਨਾਂ ਦਾ ਅਪਮਾਨ ਕੀਤਾ ਤੇ ਦਾਅਵਾ ਕੀਤਾ ਕਿ ਇਹ ਨੁਮਾਇੰਦੇ 1000 ਕਰੋੜ ਰੁਪਏ ਦਾ ਹੇਰ ਫੇਰ ਕਰ ਸਕਦੇ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਪ ਸਰਕਾਰ ਹਫੜਾ ਦਫੜੀ ਮਚਾ ਰਹੀ ਹੈ। ਪਹਿਲਾਂ ਇਹਨਾਂ ਨੇ ਰਾਜ ਦੇ ਸੰਵਿਧਾਨਕ ਮੁਖੀ ਰਾਜਪਾਲ ਨਾਲ ਸਿੰਗ ਫਸਾ ਲਏ। ਫਿਰ ਇਸਨੇ ਮੁੱਖ ਮੰਤਰੀ ਤੇ ਪੰਚਾਇਤ ਮੰਤਰੀ ਵੱਲੋਂ ਲਏ ਫੈਸਲਿਆਂ ਲਈ ਦੋ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਸਸਪੈਂਡ ਕਰ ਕੇ ਅਫਸਰਸ਼ਾਹੀ ਨੂੰ ਨਿਸ਼ਾਨਾ ਬਣਾਇਆ। ਹੁਣ ਇਹਨਾਂ ਨੇ ਸਰਕਾਰੀ ਮੁਲਾਜ਼ਮਾਂ ’ਤੇ ਐਸਮਾ ਲਗਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਯੂਥ ਆਗੂ ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਵਿਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਦੇ ਦੌਰੇ ਤੋਂ ਦੋ ਦਿਨ ਪਹਿਲਾਂ ਪੰਚਾਇਤਾਂ ਭੰਗ ਕਰ ਦਿੱਤੀਆਂ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਕੀਤਾ ਗਿਆ ਤਾਂ ਜੋ ਹੜ੍ਹ ਰਾਹਤ ਦਾ ਮੁਆਵਜ਼ਾ ਸਰਕਾਰ ਹੜੱਪ ਕਰ ਸਕੇ। ਉਹਨਾਂ ਕਿਹਾ ਕਿ ਸਰਕਾਰ ਨੇ ਆਪਣੇ ਚਹੇਤਿਆਂ ਨੂੰ ਪੰਚਾਇਤਾਂ ਵਿਚ ਪ੍ਰਸ਼ਾਸਕ ਨਿਯੁਕਤ ਕਰ ਦਿੱਤਾ ਤਾਂ ਜੋ ਪੰਚਾਇਤਾਂ ਕੋਲ ਪਏ 1000 ਕਰੋੜ ਰੁਪਏ ਦਾ ਹੇਰ ਫੇਰ ਕੀਤਾ ਜਾ ਸਕੇ।