ਚੰਡੀਗੜ੍ਹ, 11 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਸਰਦਾਰ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ ਤੇ ਉਹਨਾਂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਕਿਉਂ ਨਾ ਉਹਨਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਅੱਜ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਸਰਦਾਰ ਜੀਤ ਮਹਿੰਦਰ ਸਿੰਘ ਸਿੱਧੂ ਖਿਲਾਫ ਮਿਲੀ ਸ਼ਿਕਾਇਤ ’ਤੇ ਵਿਰਚੁਅਲ ਮੀਟਿੰਗ (ਵੀਡਿਓ ਕਾਂਨਫਰੰਸ) ਕਰਕੇ ਚਰਚਾ ਕੀਤੀ। ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿਡਾ ਜ਼ਿਲ੍ਹਾ ਪ੍ਰਧਾਨ ਸਰਦਾਰ ਬਲਕਾਰ ਸਿੰਘ ਬਰਾੜ ਨੂੰ ਦਿੱਤੀ ਸੀ ਜਿਹਨਾਂ ਨੇ ਅੱਗੇ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਜਿਸਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕੀਤੀ। ਇਸ ਵਿਚ ਸਰਦਾਰ ਵਿਰਸਾ ਸਿੰਘ ਵਲਟੋਹਾ, ਸਰਦਾਰ ਸ਼ਰਨਜੀਤ ਸਿੰਘ ਢਿੱਲੋਂ, ਸਰਦਾਰ ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ। ਉਹਨਾਂ ਦੱਸਿਆ ਕਿ ਹਲਕੇ ਦੀ ਲੀਡਰਸ਼ਿਪ ਵੱਲੋਂ ਭੇਜੀ ਸ਼ਿਕਾਇਤ ’ਤੇ ਚਰਚਾ ਮਗਰੋਂ ਫੈਸਲਾ ਲਿਆ ਗਿਆ ਕਿ ਸਰਦਾਰ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕੀਤਾ ਜਾਵੇ ਅਤੇ ਉਹਨਾਂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕਰ ਕੇ 24 ਘੰਟੇ ਵਿਚ ਜਵਾਬ ਮੰਗਿਆ ਗਿਆ ਕਿ ਕਿਉਂ ਨਾ ਉਹਨਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਅਨੁਸ਼ਾਸਨੀ ਕਮੇਟੀ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਖਿਲਾਫ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪਾਰਟੀ ਦੇ ਹੁਕਮ ਸਭ ਤੋਂ ਸਰਵਉੱਚ ਰਹਿਣਗੇ।