ਚੰਡੀਗੜ੍ਹ, 17 ਜੁਲਾਈ : ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਇਸ ਦੀ ਪੂਰਤੀ ਲਈ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 218 ਕਰੋੜ 40 ਲੱਖ ਰੁਪਏ ਜਾਰੀ ਕੀਤੇ ਹਨ ਜਿਸ ਨੂੰ ਪੰਜਾਬ ਸਰਕਾਰ ਨੇ ਨਾਕਾਫ਼ੀ ਦੱਸਿਆ ਹੈ ਤੇ ਹੁਣ ਇਸ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਵੀ ਰਾਜਪਾਲ ਨੂੰ ਚਿੱਠੀ ਲਿਖੀ ਗਈ ਹੈ। ਰਾਜਾ ਵੜਿੰਗ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਚੰਗੇ ਅਹੁਦੇ ਦੀ ਵਰਤੋਂ ਕਰਕੇ ਪੰਜਾਬ ਦੇ ਕਿਸਾਨਾਂ, ਪ੍ਰਭਾਵਿਤ ਦੁਕਾਨਦਾਰਾਂ, ਦੁਖੀ ਪਰਿਵਾਰਾਂ, ਪਸ਼ੂਆਂ ਦੇ ਮਾਲਕਾਂ, ਹੜ੍ਹ ਪੀੜਤਾਂ ਦੇ ਮੁੜ ਵਸੇਬੇ ਅਤੇ ਮੁਰੰਮਤ ਦੇ ਕੰਮ ਲਈ 10,000 ਕਰੋੜ ਰੁਪਏ ਜਾਰੀ ਕਰਨ ਲਈ ਭਾਰਤ ਸਰਕਾਰ ਨੂੰ ਅਪੀਲ ਕਰਨ। ਇਸ ਦੇ ਹੀ ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਵਿੱਚ ਤਕਰੀਬਨ 5 ਲੱਖ ਏਕੜ ਫ਼ਸਲ ਪੂਰੀ ਤਰ੍ਹਾਂ ਨਾਲ ਤਬਾਹ ਹੋ ਗਈ ਹੈ ਜਿਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਘੱਟੋ-ਘੱਟ 50000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਜਿੰਨ੍ਹਾਂ ਦੇ ਘਰ ਨੁਕਸਾਨੇ ਗਏ ਹਨ ਉਨ੍ਹਾਂ ਨੂੰ 5 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ। ਵੜਿੰਗ ਨੇ ਲਿਖਿਆ ਕਿ ਹੜ੍ਹਾਂ ਵਿੱਚ ਜ਼ਖ਼ਮੀ ਵਿਅਕਤੀ ਨੂੰ 5 ਲੱਖ ਤੇ ਜਿਨ੍ਹਾਂ ਦੇ ਘਰ ਦਾ ਕਮਾਉਣ ਵਾਲਾ ਜੀਅ ਹੜ੍ਹਾਂ ਵਿੱਚ ਰੁੜ ਗਿਆ ਹੈ ਉਨ੍ਹਾਂ ਨੂੰ 25 ਲੁੱਖ ਪ੍ਰਤੀ ਵਿਅਕਤੀ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਦੁਕਾਨਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ 2 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ। ਇਸ ਦੇ ਨਾਲ ਹੀ ਜਿਨ੍ਹਾਂ ਦੇ ਪਸ਼ੂ ਹੜ੍ਹ ਵਿੱਚ ਮਾਰੇ ਗਏ ਹਨ ਉਨ੍ਹਾਂ ਲਈ ਵੀ 50 ਹਜ਼ਾਰ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ। ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਕਿਹਾ ਸੀ ਕਿ ਹੜ੍ਹ ਆਉਣ ਨਾਲ ਪੰਜਾਬ ਦਾ ਅਰਬਾਂ-ਖਰਬਾਂ ਦਾ ਨੁਕਸਾਨ ਹੋਇਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੰਜਾਬ ਅਤੇ ਹਿਮਾਚਲ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਖੁਦ ਜਾਇਜ਼ਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਦੇਖ ਸਕਣ ਕਿ 218 ਕਰੋੜ ਨਾਲੋਂ ਪੰਜਾਬ ਦੇ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ।