ਚੰਡੀਗੜ੍ਹ, 17 ਫ਼ਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਮਾਮਲੇ ਵਿੱਚ ਬਠਿੰਡਾ ਦੇ ਹਲਕਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੇ ਪੀ.ਏ. ਰਸ਼ਿਮ ਗਰਗ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਰਸ਼ਿਮ ਗਰਗ ਨੂੰ 20 ਫਰਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਮੌਕੇ ਵਿਜੀਲੈਂਸ ਵਿਭਾਗ ਨੇ ਰਸ਼ਿਮ ਗਰਗ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਸੌਂਪਣ ਦੀ ਮੰਗ ਕੀਤੀ ਸੀ। ਬੀਤੇ ਦਿਨ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਖੇ ਰਸ਼ਿਮ ਗਰਗ, ਵਾਸੀ ਸਮਾਣਾ, ਜ਼ਿਲ੍ਹਾ ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਮਾਮਲੇ ਵਿੱਚ ਬਠਿੰਡਾ ਹਲਕਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੀ ਭੂਮਿਕਾ ਬਾਰੇ ਪੁੱਛੇ ਜਾਣ ’ਤੇ ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਉਹ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਵਿਜੀਲੈਂਸ ਦੀ ਹਿਰਾਸਤ ਦੌਰਾਨ ਰਸ਼ਿਮ ਗਰਗ ਨੇ ਮੀਡੀਆ ਕਰਮੀਆਂ ਵੱਲੋਂ ਵਾਰ-ਵਾਰ ਪੁੱਛਣ ਦੇ ਬਾਵਜੂਦ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਗਿਆ।