ਚੰਡੀਗੜ੍ਹ, 01 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਵਪਾਰਕ ਐਲਪੀਜੀ ਸਿਲੰਡਰ 350 ਰੁਪਏ ਅਤੇ ਘਰੇਲੂ ਸਿਲੰਡਰ 50 ਰੁਪਏ ਮਹਿੰਗਾ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਮੋਦੀ ਸਰਕਾਰ ਨੂੰ ਗਰੀਬ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਕੇਂਦਰ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਨੂੰ ਲੁੱਟ ਰਹੀ ਹੈ। ਘਰੇਲੂ ਗੈਸ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਜਾਵੇਗਾ। ਗਰਗ ਨੇ ਕਿਹਾ ਕਿ ਮਹਿੰਗਾਈ ਕਾਰਨ ਪਹਿਲਾਂ ਹੀ ਗਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਲਈ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਤੇਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋਣ ਨਾਲ ਉਨ੍ਹਾਂ ਦਾ ਜੀਵਨ ਬਰਬਾਦ ਹੋ ਜਾਵੇਗਾ। ਮੋਦੀ ਸਰਕਾਰ ਨੂੰ ਦੇਸ਼ ਦੇ ਆਮ ਲੋਕਾਂ ਅਤੇ ਗਰੀਬਾਂ ਦੀ ਕੋਈ ਚਿੰਤਾ ਨਹੀਂ ਹੈ। ਉਹ ਸਿਰਫ ਆਪਣੇ ਕਾਰਪੋਰੇਟ ਦੋਸਤਾਂ ਦੀ ਪਰਵਾਹ ਕਰਦਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਕੇਂਦਰ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਵਿੱਚੋਂ ਪੈਸਾ ਕੱਢ ਰਹੀ ਹੈ ਅਤੇ ਉਸ ਪੈਸੇ ਨਾਲ ਆਪਣੇ ਕਾਰਪੋਰੇਟ ਮਿੱਤਰਾਂ ਖਾਸ ਕਰਕੇ ਅੰਬਾਨੀ-ਅਡਾਨੀ ਦਾ ਖਜ਼ਾਨਾ ਭਰ ਰਹੀ ਹੈ।