ਚੰਡੀਗੜ੍ਹ, 22 ਅਗਸਤ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿੱਚ ਹਿਟਲਰ ਦੀ ਆਤਮਾ ਆ ਚੁੱਕੀ ਹੈ, ਤੇ ਨਾਲ ਹੀ ਉੇਨ੍ਹਾਂ ਨੇ ਬੀਤੇ ਕੱਲ੍ਹ ਲੌਂਗੋਵਾਲ ‘ਚ ਹੋਈ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਦਾ ਜਿੰਮੇਵਾਰ ਵੀ ਮੁੱਖ ਮੰਤਰੀ ਮਾਨ ਨੂੰ ਦੱਸਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਤੇ ਬੇਰਿਹਮੀ ਨਾਲ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜਮਾਂ ਦੇ ਤੁਰੰਤ ਕਾਰਵਾਈ ਕੀਤੀ ਜਾਵੇ। ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਇਸ ਮਾਮਲੇ ‘ਚ ਖੁਦ ਨੋਟਿਸ ਲੈਣ ਦੀ ਅਪੀਲ ਕਰਦਿਆਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਕਤਲ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਹੋਰ ਪੁਲਿਸ ਅਧਿਕਾਰੀਆਂ ਨੂੰ ਵੀ ਸਹਿ-ਦੋਸ਼ੀ ਬਣਾ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਮੁਹਾਲੀ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਵੱਲੋਂ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ। ਪੰਚਾਇਤੀ ਰਾਜ ਵਿਭਾਗ ਹੇਠਾਂ ਅਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਾਂਗਰਸ ਪਾਰਟੀ ਦੇ ਵਿਧਾਇਕ, ਆਗੂ ਅਤੇ ਵਰਕਰ ਵਰਦੇ ਮੀਂਹ ਦੌਰਾਨ ਵੀ ਰੋਸ ਪ੍ਰਦਰਸ਼ਨ ਕਰਦੇ ਰਹੇ।