- ਪੀਪੀਐਸ ਅਧਿਕਾਰੀ ਰਾਜਜੀਤ ਸਿੰਘ ਨੂੰ ਬਰਖਾਸਤ ਕਰਨ ਦੇ ਹੁਕਮ
- ਪੰਜਾਬ ਵਿਜੀਲੈਂਸ ਨੂੰ ਜਾਂਚ ਦੇ ਆਦੇਸ਼
ਚੰਡੀਗੜ੍ਹ, 17 ਅਪ੍ਰੈਲ : ਹਜ਼ਾਰਾਂ ਕਰੋੜ ਦੇ ਡਰੱਗ ਮਾਮਲੇ ‘ਚ ਸੀਲਬੰਦ ਰਿਪੋਰਟ ਖੋਲ੍ਹਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪੀਪੀਐਸ ਰਾਜਜੀਤ ਸਿੰਘ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਸ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਵੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਸੀਐੱਮ ਮਾਨ ਨੇ ਰਾਜਜੀਤ ਸਿੰਘ ਵੱਲੋਂ ਚਿੱਟੇ ਦੀ ਤਸਕਰੀ ਕਰਕੇ ਹਾਸਲ ਕੀਤੀ ਜਾਇਦਾਦ ਦਾ ਪਤਾ ਲਾਉਣ ਲਈ ਪੰਜਾਬ ਵਿਜੀਲੈਂਸ ਨੂੰ ਜਾਂਚ ਦੇ ਹੁਕਮ ਵੀ ਦਿੱਤੇ ਹਨ। ਸੀਐਮ ਭਗਵੰਤ ਮਾਨ ਨੇ ਪਿਛਲੇ ਦਿਨੀਂ ਡਰੱਗ ਰੈਕੇਟ ਮਾਮਲੇ ਦੀਆਂ ਸਾਰੀਆਂ ਫਾਈਲਾਂ ਤਲਬ ਕੀਤੀਆਂ ਸਨ। ਇਸ ਦੇ ਨਾਲ ਹੀ ਕਾਰਵਾਈ ਕੀਤੇ ਜਾਣ ਦੀ ਉਮੀਦ ਜਤਾਈ ਜਾ ਰਹੀ ਸੀ। ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਵੀ ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਸੀ।