ਚੰਡੀਗੜ੍ਹ, 20 ਦਸੰਬਰ 2024 : ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ 'ਚ 3 ਦਿਨਾਂ ਦਾ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਹਰਿਆਣਾ ਸਰਕਾਰ ਦੁਆਰਾ ਅਧਿਕਾਰਤ ਹੁਕਮ ਜਾਰੀ ਕਰ ਦਿੱਤਾ ਗਿਆ ਹੈ। 22 ਦਸੰਬਰ ਤੱਕ 3 ਦਿਨ ਦਾ ਰਾਜ ਸੋਗ ਅਤੇ 21 ਦਸੰਬਰ ਨੂੰ ਸੂਬੇ ਵਿੱਚ ਇੱਕ ਦਿਨ ਦੀ ਛੁੱਟੀ ਰਹੇਗੀ। ਸੂਬੇ ਵਿੱਚ 20-22 ਦਸੰਬਰ ਤੱਕ ਕੋਈ ਵੀ ਸਰਕਾਰੀ ਮਨੋਰੰਜਨ ਪ੍ਰੋਗਰਾਮ ਨਹੀਂ ਮਨਾਇਆ ਜਾਵੇਗਾ। ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸਸਕਾਰ 21 ਦਸੰਬਰ ਨੂੰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਪੀਕਰ ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ ਪੰਜ ਵਾਰ ਬਤੌਰ ਮੁੱਖ ਮੰਤਰੀ ਦੇ ਕਾਰਜਕਾਲ ਨੂੰ ਯਾਦ ਕੀਤਾ। 89 ਸਾਲਾ ਚੌਟਾਲਾ ਭਾਰਤ ਦੇ 6ਵੇਂ ਉਪ ਪ੍ਰਧਾਨ ਮੰਤਰੀ, ਚੌਧਰੀ ਦੇਵੀ ਲਾਲ ਦੇ ਪੁੱਤਰ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਸਨ। ਸੰਧਵਾਂ ਨੇ ਚੌਟਾਲਾ ਦੇ ਹਰਿਆਣਾ ਦੇ ਲੋਕਾਂ ਪ੍ਰਤੀ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਚੌਟਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਔਖੀ ਘੜੀ ਵਿੱਚ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ।
ਸਾਬਕਾ ਮੁੱਖ ਮੰਤਰੀ ਚੌਟਾਲਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਾ ਹਾਂ : ਸੁਖਬੀਰ ਸਿੰਘ ਬਾਦਲ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਓਮਪ੍ਰਕਾਸ਼ ਚੌਟਾਲਾ ਦੇ ਦਿਹਾਂਤ ਤੇ ਡੂੰਘਾ ਦੁੱਖ ਜਤਾਇਆ ਹੈ। ਉਨ੍ਹਾਂ ਭਾਵੁਕ ਟਵੀਟ ਕਰਦਿਆਂ ਕਿਹਾ ਕਿ “ਮੈਂ ਦੇਸ਼ ਦੇ ਦਿੱਗਜ ਸਿਆਸਤਦਾਨ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਓਮ ਪ੍ਰਕਾਸ਼ ਚੌਟਾਲਾ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਾ ਹਾਂ । ਉਨ੍ਹਾਂ ਨੇ ਆਪਣੀ ਸਾਰੀ ਉਮਰ ਕਿਸਾਨਾਂ ਅਤੇ ਗਰੀਬਾਂ ਲਈ ਆਵਾਜ਼ ਉਠਾਈ । ਉਨ੍ਹਾਂ ਦਾ ਦੇਹਾਂਤ ਅਜਿਹੇ ਸਮੇਂ ਵਿੱਚ ਹੋ ਜਾਣਾ ਜਦੋਂ ਸਾਡੇ ਕਿਸਾਨ ਇਨਸਾਫ਼ ਅਤੇ ਕਿਸਾਨੀ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ, ਸਮਾਜ ਲਈ ਅਤੇ ਖਾਸ ਕਰਕੇ ਕਿਸਾਨਾਂ ਅਤੇ ਦੱਬੇ-ਕੁਚਲੇ ਲੋਕਾਂ ਲਈ ਉਨ੍ਹਾਂ ਦਾ ਚਲੇ ਜਾਣਾ ਇੱਕ ਬਹੁਤ ਵੱਡਾ ਘਾਟਾ ਹੈ । ਉਨ੍ਹਾਂ ਦਾ ਦੇਹਾਂਤ ਮੇਰੇ ਅਤੇ ਮੇਰੇ ਪਰਿਵਾਰ ਲਈ ਵੀ ਬਹੁਤ ਵੱਡਾ ਨਿੱਜੀ ਘਾਟਾ ਹੈ । ਮੈਂ ਉਨ੍ਹਾਂ ਵੱਲੋਂ ਮਿਲੇ ਤਜਰਬੇ ਅਤੇ ਮਾਰਗ ਦਰਸ਼ਨ ਨੂੰ ਹਮੇਸ਼ਾ ਯਾਦ ਰੱਖਾਂਗਾ । ਮੈਂ ਇਸ ਪੀੜਾ ਨੂੰ ਮਹਿਸੂਸ ਕਰ ਸਕਦਾ ਹਾਂ ਜਿਸ ਵਿੱਚੋਂ ਉਨ੍ਹਾਂ ਦਾ ਪਰਿਵਾਰ ਅਤੇ ਉਨ੍ਹਾਂ ਦੇ ਸਨੇਹੀ ਗੁਜ਼ਰ ਰਹੇ ਹੋਣਗੇ । ਵਾਹਿਗੁਰੂ ਉਹਨਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”