- ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਲਈ ਕੀਤੀਆਂ ਮੀਟਿੰਗਾਂ
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਬਣਾਏਗੀ ਯਕੀਨੀ
- ਡੀਜੀਪੀ ਗੌਰਵ ਯਾਦਵ ਨੇ ਪੁਲਿਸ ਕਰਮਚਾਰੀਆਂ ਨਾਲ ਗੱਲਬਾਤ ਕੀਤੀ, ਬਿਹਤਰ ਕਾਰਗੁਜ਼ਾਰੀ ਲਈ ਉਨ੍ਹਾਂ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ/ਅੰਮ੍ਰਿਤਸਰ/ਫਿਰੋਜ਼ਪੁਰ/ਬਠਿੰਡਾ, 10 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੇ ਦੌਰੇ ਦੌਰਾਨ ਜ਼ਿਲ੍ਹੇ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚ ਪੰਜ ਪੁਲਿਸ ਸਟੇਸ਼ਨਾਂ ਦੀਆਂ ਇਮਾਰਤਾਂ ਜਿਨ੍ਹਾਂ ਵਿੱਚ ਥਾਣਾ ਸਦਰ ਬਠਿੰਡਾ, ਥਾਣਾ ਬਾਲਿਆਂਵਾਲੀ, ਥਾਣਾ ਨਥਾਣਾ, ਥਾਣਾ ਸਦਰ ਰਾਮਪੁਰਾ ਅਤੇ ਥਾਣਾ ਸਿਟੀ ਰਾਮਪੁਰਾ ਅਤੇ ਬਠਿੰਡਾ ਦੇ ਪੁਲਿਸ ਪਬਲਿਕ ਸਕੂਲ ਵਿੱਚ ਸਥਾਪਿਤ ਕੀਤੀ ਗਈ ਨਵੀਂ ਕੰਪਿਊਟਰ ਲੈਬ ਸ਼ਾਮਲ ਹੈ। ਸੁਤੰਤਰਤਾ ਦਿਵਸ ਤੋਂ ਪਹਿਲਾਂ, ਡੀਜੀਪੀ ਵੱਲੋਂ ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਸਮੇਤ ਵੱਖ-ਵੱਖ ਪੁਲਿਸ ਰੇਂਜਾਂ ਦੀ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਹਨਾਂ ਰੇਂਜਾਂ ਵਿੱਚ ਮੀਟਿੰਗਾਂ ਕਰਨ ਵਾਸਤੇ ਦੌਰੇ ਕੀਤੇ ਗਏ ਸਨ। ਅੰਮ੍ਰਿਤਸਰ ਰੇਂਜ ਦੇ ਪੰਜ ਪੁਲਿਸ ਜ਼ਿਲ੍ਹਿਆਂ — ਅੰਮ੍ਰਿਤਸਰ ਕਮਿਸ਼ਨਰੇਟ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ, ਪਠਾਨਕੋਟ ਅਤੇ ਬਟਾਲਾ — ਦੀ ਮੀਟਿੰਗ ਅੰਮ੍ਰਿਤਸਰ ਵਿੱਚ ਹੋਈ, ਜਦਕਿ ਫਿਰੋਜ਼ਪੁਰ ਰੇਂਜ ਅਤੇ ਫਰੀਦਕੋਟ ਰੇਂਜ ਦੀ ਸਾਂਝੀ ਮੀਟਿੰਗ ਫਿਰੋਜ਼ਪੁਰ ਵਿੱਚ ਹੋਈ। ਅਖੀਰ ਡੀਜੀਪੀ ਨੇ ਬਠਿੰਡਾ ਰੇਂਜ ਦਾ ਦੌਰਾ ਕਰਕੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵੱਖ-ਵੱਖ ਰੇਂਜਾਂ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦੀ ਸਮੀਖਿਆ ਲਈ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਡੀਜੀਪੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸੁਰੱਖਿਆ ਅਲਰਟ ਅਤੇ ਇਨਪੁਟਸ ਉਨ੍ਹਾਂ ਨਾਲ ਸਾਂਝੇ ਕੀਤੇ।ਡੀਜੀਪੀ ਨੇ ਕਿਹਾ ਕਿ ਅਸੀਂ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵਚਨਬੱਧ ਹਾਂ ਤਾਂ ਜੋ ਇਹ ਬਲ ਦੇਸ਼ ਦੇ ਸਰਵੋਤਮ ਪੁਲਿਸ ਬਲ ਵਜੋਂ ਉਭਰ ਸਕੇ। ਹੋਰ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੇ ਪ੍ਰਬੰਧਾਂ, ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਜਾਣੂ ਕਰਵਾਇਆ ਗਿਆ।ਇਸ ਦੌਰਾਨ, ਡੀਜੀਪੀ ਨੇ ਖੇਤਰ ਵਿੱਚ ਪ੍ਰਭਾਵਸ਼ਾਲੀ ਟੀਮ ਵਰਕ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਉਹਨਾਂ ਸਾਰੀਆਂ ਰੇਂਜਾਂ ਦੇ ਬਿਹਰਤ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ।