ਚੰਡੀਗੜ੍ਹ, 22 ਫਰਵਰੀ : ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਾ. ਜਵੰਧਾ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਡਾ.ਜਵੰਧਾ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਡਾ. ਗੁਨਿੰਦਰਜੀਤ ਸਿੰਘ ਜਵੰਧਾ, ਜੋ ਕਿ ਐਮ.ਬੀ.ਏ ਅਤੇ ਡਾਕਟਰੇਟ ਦੀ ਡਿਗਰੀ ਦੇ ਨਾਲ ਬਹੁ-ਭਾਸ਼ਾਈ ਗ੍ਰੈਜੂਏਟ ਹਨ, ਨੇ ਸੌਂਪੀ ਗਈ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇੱਥੇ ਵਰਣਨਯੋਗ ਹੈ ਕਿ ਡਾ. ਜਵੰਧਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਹੋਣ ਦੇ ਨਾਲ-ਨਾਲ ਗੈਰ-ਸਰਕਾਰੀ ਸੰਸਥਾ ਜਫਰ ਵੈਲਫੇਅਰ ਸੁਸਾਇਟੀ ਵੀ ਚਲਾ ਰਹੇ ਹਨ।