ਚੰਡੀਗੜ੍ਹ, 11 ਅਗਸਤ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਵਜੋਂ ਗੈਰ ਸਿੱਖ ਦੀ ਨਿਯੁਕਤੀ ਦੇ ਫੈਸਲੇ ਨੂੰ ਵਾਪਸ ਲੈਕੇ ਸੇਵਾ ਮੁਕਤ ਸਿੱਖ ਆਈ ਏ ਐਸ ਅਧਿਕਾਰੀ ਡਾ. ਵਿਜੇ ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਬੰਧਕ ਨਿਯੁਕਤ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਮਹਾਰਾਸ਼ਟਰ ਸਰਕਾਰ ਦਾ ਧੰਨਵਾਦ ਕੀਤਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਗੈਰ- ਸਿੱਖ ਨੂੰ ਪ੍ਰਸ਼ਾਸਕ ਵਜੋਂ ਨਿਯੁਕਤ ਕੀਤੇ ਜਾਣ ਦਾ ਸਖ਼ਤ ਇਤਰਾਜ਼ ਪ੍ਰਗਟ ਕੀਤਾ ਸੀ ਅਤੇ ਕੇਂਦਰ ਤੋ ਇਲਾਵਾ ਮਹਾਰਾਸ਼ਟਰ ਸਰਕਾਰ ਨੂੰ ਪੂਰਨ ਗੁਰਸਿੱਖ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸਾਸ਼ਕ ਨਿਯੁਕਤ ਕਰਨ ਦੀ ਮੰਗ ਕੀਤੀ ਸੀ।