ਚੰਡੀਗੜ੍ਹ, 25 ਨਵੰਬਰ 2024 : ਮੰਗਲਵਾਰ 26 ਨਵੰਬਰ ਤੋਂ ਖਨੌਰੀ ਬਾਰਡਰ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 13 ਫ਼ਰਵਰੀ 2024 ਤੋਂ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਖਨੌਰੀ, ਸ਼ੰਭੂ ਅਤੇ ਰਤਨਪੁਰਾ ਦੀਆਂ ਸਰਹੱਦਾ ਉੱਪਰ ਅਪਣੀਆ ਹੱਕੀਂ ਮੰਗਾਂ ਜਿਹਨਾਂ ਵਿੱਚ ਐੱਮ.ਐੱਸ.ਪੀ. ਦਾ ਗਰੰਟੀ ਕਾਨੂੰਨ, ਕਿਸਾਨਾਂ-ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ, ਸਵਾਮੀਨਾਥਨ ਕਮਿਸ਼ਨ ਦੇ 3²+50 ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ, 2013 ਦਾ ਭੂਮੀ ਅਧਿਗ੍ਰਹਿਣ ਕਾਨੂੰਨ ਲਾਗੂ ਕਰਨ, ਮਨਰੇਗਾ ਮਜਦੂਰਾਂ ਨੂੰ ਸਾਲ ਵਿਚ 200 ਦਿਨ ਰੁਜ਼ਗਾਰ ਦੇਣ ਅਤੇ ਮਨਰੇਗਾ ਨੂੰ ਖੇਤੀ ਨਾਲ ਜੋੜਨ, ਮਸਾਲੇ ਕਮਿਸ਼ਨ ਦੇ ਗਠਨ ਸਮੇਤ ਹੋਰ ਕਈ ਮੰਗਾਂ ਸ਼ਾਮਲ ਹਨ, ਨੂੰ ਲਾਗੂ ਕਰਵਾਉਣ ਲਈ ਅੰਦੋਲਨ ਜਾਰੀ ਹੈ। ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਪਿਛਲੇ ਦਿਨੀਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ (ਭਾਰਤ) ਦੀ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਦੇਸ਼ ਦੇ ਕਈ ਸੂਬਿਆਂ ’ਚ ਮਰਨ ਵਰਤ ਦੇ ਸਮਰਥਨ ’ਚ 26 ਨਵੰਬਰ ਤੋਂ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣਗੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾਈ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਤਹਿਤ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ (ਪੁੱਤਰ, ਨੂੰਹ, ਪੋਤਰੇ) ਦੇ ਨਾਂ ਕਰਵਾ ਦਿੱਤੀ ਹੈ। ਡੱਲੇਵਾਲ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ 'ਤੇ ਮਰਨ ਵਰਤ ਸ਼ੁਰੂ ਕਰਨਗੇ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ 'ਤੇ ਹਾਜ਼ਰ ਹੋਣਗੇ, ਕਿਸਾਨਾਂ ਦੇ ਵੱਡੇ ਜਥੇ ਖਨੌਰੀ ਸਰਹੱਦ 'ਤੇ ਪਹੁੰਚ ਰਹੇ ਹਨ | ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਵਾਪਿਸ ਜਾਵੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਫਰੀਦਕੋਟ ਪਹੁੰਚ ਕੇ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ (ਪੁੱਤਰ, ਨੂੰਹ, ਪੋਤਰੇ) ਦੇ ਨਾਂ ਕਰਵਾ ਦਿੱਤੀ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਰਸਮਾਂ ਪੂਰੀਆਂ ਕਰਨ ਲਈ ਮਰਨ ਵਰਤ ਨਹੀਂ ਰੱਖ ਰਹੇ ਸਗੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਇਹ ਲੜਾਈ ਆਪਣੇ ਆਖਰੀ ਸਾਹ ਤੱਕ ਜਾਰੀ ਰੱਖਣਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਦੁਪਹਿਰ 12 ਵਜੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ। ਸਾਰੇ ਮੀਡੀਆ ਸਾਥੀਆਂ ਨੂੰ ਵੀ ਨਿਮਰਤਾ ਸਹਿਤ ਬੇਨਤੀ ਹੈ ਕਿ ਉਹ ਭਲਕੇ ਖਨੌਰੀ ਬਾਰਡਰ ਤੇ ਪਹੁੰਚ ਕੇ ਇਸ ਅੰਦੋਲਨ ਨੂੰ ਕਵਰ ਕਰਨ।