ਚੰਡੀਗੜ੍ਹ, 13 ਅਕਤੂਬਰ, 2024 : ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਫਸਲ ਲੈ ਕੇ ਮੰਡੀਆਂ ਵਿੱਚ ਪਹੁੰਚ ਰਹੇ ਹਨ, ਪਰ ਉਨ੍ਹਾਂ ਦਾ ਕਹਿਣਾ ਹੈ ਕਿ ਫਸਲ ਦੀ ਸਮੇਂ ਸਿਰ ਖਰੀਦ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਝੋਨੇ ਦੀ ਫਸਲ ਦੀ ਸਮੇਂ ਸਿਰ ਖਰੀਦ ਨਾ ਹੋਣ ਕਾਰਨ ਕਿਸਾਨਾਂ ਸੜਕਾਂ ‘ਤੇ ਉੱਤਰ ਆਏ ਹਨ ਤੇ ਭਾਰਤੀ ਕਿਸਾਨ ਯੂਨੀਅਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਅੱਜ ਸੂਬੇ ਭਰ ਵਿੱਚ ਦੁਪਹਿਰ 12 ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ। ਕਿਸਾਨਾਂ ਨੇ ਹਾਈਵੇਅ ਤੇ ਰੇਲਵੇ ਟ੍ਰੈਕ ‘ਤੇ ਧਰਨਾ ਦਿੱਤਾ, ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਸਮੇਂ ਸਿਰ ਝੋਨੇ ਦੀ ਫਸਲ ਦੀ ਖਰੀਦ ਕਰੇ। ਅੰਮ੍ਰਿਤਸਰ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 12 ਵਜੇ ਤੋਂ ਲੈ ਕੇ ਤਿੰਨ ਵਜੇ ਤੱਕ ਰੇਲਵੇ ਟਰੈਕ ਤੇ ਮੁੱਖ ਸੜਕਾਂ ਨੂੰ ਜਾਮ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵਾਅਦੇ ਕਰਦੀ ਹੈ, ਪਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਆਪਣੇ ਵਾਅਦੇ ਤੋਂ ਮੁਕਰ ਜਾਂਦੀ ਹੈ, ਜਿਸਦੇ ਚਲਦੇ ਸਾਨੂੰ ਮਜ਼ਬੂਰਨ ਇਹ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਕਿਸਾਨਾਂ ਨੇ ਮੰਗ ਕੀਤੀ ਕਿ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਸਮੇਂ ਸਿਰ ਕੀਤੀ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤੇ ਆਉਣ ਵਾਲੇ ਸਮੇਂ ਵਿੱਚ ਵੱਡੇ ਨਤੀਜੇ ਭੁਗਤਣੇ ਪੈਣਗੇ, ਜਿਸਦੀ ਜਿੰਮੇਵਾਰ ਸਰਕਾਰ ਹੋਵੇਗੀ। ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ ਤੇ ਸਾਨੂੰ ਧਰਨੇ ਪ੍ਰਦਰਸ਼ਨ ਕਰਨ ਦੀ ਲੋੜ ਹੀ ਨਾ ਪਵੇ। ਪੰਜਾਬ ਦੇ ਜਲੰਧਰ ਦੇ ਧਨੋਵਾਲੀ ਫਾਟਕ ਨੇੜੇ ਹਾਈਵੇਅ ਨੂੰ ਜਾਮ ਕਰਕੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ, ਜਿੱਥੇ ਕਿਸਾਨਾਂ ਨੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਮੰਗ ਹੈ ਕਿ ਮੰਡੀਆਂ ਵਿੱਚ ਲਿਫਟਿੰਗ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਦਾ ਝੋਨਾ ਖਰਾਬ ਹੋ ਰਿਹਾ ਹੈ। ਇਸ ਦੇ ਨਾਲ ਹੀ ਨਵੀਆਂ ਫ਼ਸਲਾਂ ਦੀ ਬਿਜਾਈ ਲਈ ਸਮੇਂ ਸਿਰ ਖਾਦ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਇਹ ਐਲਾਨ ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਨਵਾਂਸ਼ਹਿਰ ਦੇ ਕੌਮੀ ਮਾਰਗ ਤੇ ਪੈਂਦੇ ਪਿੰਡ ਲੰਗੜੋਆ ਨੇੜੇ ਕਿਸਾਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਅੱਜ ਦੁਪਹਿਰ 3 ਵਜੇ ਤੱਕ ਨੈਸ਼ਨਲ ਹਾਈਵੇਅ ਤੇ ਚੱਕਾ ਜਾਮ ਕਰ ਦਿੱਤਾ ਗਿਆ। ਇਸ ਮੌਕੇ ਨੈਸ਼ਨਲ ਹਾਈਵੇਅ ਨੂੰ ਚਾਰੋਂ ਪਾਸਿਓਂ ਬੰਦ ਕਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੇ ਢੇਰ ਲੱਗੇ ਹੋਏ ਹਨ ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ।