- 159 ਰਾਹਤ ਕੈਂਪਾਂ ਵਿਚ ਹਾਲੇ ਵੀ 1319 ਲੋਕਾਂ ਦੀ ਠਹਿਰ
ਚੰਡੀਗੜ੍ਹ, 27 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਬਹੁਤੇ ਇਲਾਕਿਆਂ ਵਿਚ ਸਥਿਤੀ ‘ਚ ਸੁਧਾਰ ਹੈ ਪਰ ਹਾਲੇ ਵੀ ਕੁਝ ਥਾਂਵਾਂ ਹੜ੍ਹ ਦੀ ਮਾਰ ਹੇਠ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਇਨ੍ਹਾਂ ਵਿਚੋਂ 458 ਪਿੰਡ ਪਟਿਆਲਾ, 268 ਪਿੰਡ ਐਸਏਐਸ ਨਗਰ, 364 ਪਿੰਡ ਰੂਪਨਗਰ, 30 ਮੋਗਾ, 41 ਹੁਸ਼ਿਆਰਪੁਰ, 28 ਲੁਧਿਆਣਾ, 32 ਸੰਗਰੂਰ, 92 ਫਿਰੋਜ਼ਪੁਰ, 13 ਕਪੂਰਥਲਾ, 77 ਜਲੰਧਰ, 20 ਐਸਬੀਐਸ ਨਗਰ, 22 ਫਾਜ਼ਿਲਕਾ, 21 ਮਾਨਸਾ ਅਤੇ 7 ਪਿੰਡ ਗੁਰਦਾਸਪੁਰ ਜ਼ਿਲ੍ਹੇ ਦੇ ਹਨ। 27 ਜੁਲਾਈ ਸਵੇਰੇ 8 ਵਜੇ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1319 ਲੋਕ ਰਹਿ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਰਾਹਤ ਕੈਂਪਾਂ ਵਿਚ ਸਭ ਤੋਂ ਵੱਧ 484 ਲੋਕ ਠਹਿਰੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਿਲ੍ਹਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ। ਵੱਖ-ਵੱਖ ਜ਼ਿਿਲ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖ਼ਮੀ ਹੋਏ ਹਨ। ਪਸ਼ੂ ਪਾਲਣ ਵਿਭਾਗ ਵੱਲੋਂ 26 ਜੁਲਾਈ ਨੂੰ ਸੂਬੇ ਵਿੱਚ ਕੁੱਲ 1517 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਜਦਕਿ 682 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 413 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 181 ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਓਪੀਡੀ ਦੀ ਗਿਣਤੀ 6365 ਹੈ।