ਕੋਟਕਪੁਰਾ ਗੋਲੀਕਾਂਡ ਮਾਮਲੇ 'ਚ ਸਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਅਤੇ 2 ਆਈਪੀਐਸ ਅਧਿਕਾਰੀ ਤਲਬ

ਚੰਡੀਗੜ੍ਹ, 04 ਮਾਰਚ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਵੱਲੋਂ ਸੀਨੀਅਰ ਅਕਾਲੀ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਸਮੇਂ ਵਾਪਰੇ ਕੋਟਕਪੁਰਾ ਗੋਲੀ ਕਾਂਡ ਦੇ ਸੰਬੰਧ ਵਿੱਚ ਬਾਦਲ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਅਤੇ ਗਗਨਦੀਪ ਸਿੰਘ ਬਰਾੜ ਆਈ.ਏ.ਐਸ. ਅਤੇ 2 IPS ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਿਟ ਵੱਲੋਂ ਤਿੰਨੇ ਅਧਿਕਾਰੀਆਂ ਨੂੰ 6 ਮਾਰਚ ਨੂੰ ਸੈਕਟਰ 32 ਸਥਿਤ ਪੰਜਾਬ ਪੁਲਿਸ ਆਫ਼ੀਸਰਜ਼ ਇੰਸਟੀਚਿਊਟ ਵਿੱਚ ਪੁੱਛ-ਗਿੱਛ ਲਈ ਬੁਲਾਇਆ ਗਿਆ ਹੈ। ਬੁਲਾਏ ਗਏ ਅਧਿਕਾਰੀਆਂ ਵਿੱਚ ਉਸ ਵੇਲੇ ਦੇ ਏ.ਡੀ.ਜੀ.ਪੀ.ਰੋਹਿਤ ਚੌਧਰੀ ਅਤੇ ਉਸ ਵੇਲੇ ਦੇ ਡੀ.ਆਈ.ਜੀ. ਰਣਬੀਰ ਸਿੰਘ ਖਟੜਾ ਨੂੰ ਵੀ ਸੰਮਨ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਉਕਤ ਦੋਵੇ ਆਈਪੀਐੱਸ ਅਧਿਕਾਰੀਆਂ ਤੋਂ ਐਸਆਈਟੀ ਪਹਿਲਾਂ ਵੀ ਪੁੱਛਗਿੱਛ ਕਰ ਚੁੱਕੀ ਹੈ, ਪਰ ਪਹਿਲੀ ਵਾਰ ਹੈ ਕਿ ਸਾਬਕਾ ਮੁੱਖ ਮੰਤਰੀ ਦੇ ਤਤਕਾਲੀ ਪ੍ਰਿੰਸੀਪਲ ਸਕੱਤਰ ਗਗਨਦੀਪ ਸਿੰਘ ਬਰਾੜ ਨੂੰ ਤਲਬ ਕੀਤਾ ਗਿਆ ਹੈ। ਗੌਰਤਲਬ ਹੈ ਕਿ ਬੀਤੇ ਦਿਨੀਂ ਹੀ ਸਿਟ ਨੇ ਫ਼ਰੀਦਕੋਟ ਅਦਾਲਤ ਵਿੱਚ ਕੋਟਕਪੂਰਾ ਗੋਲੀ ਕਾਂਡ ਕੇਸ ਦੇ ਸੰਬੰਧ ਵਿੱਚ ਚਲਾਨ ਪੇਸ਼ ਕੀਤਾ ਸੀ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਕਈ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।