ਚੰਡੀਗੜ੍ਹ, 26 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਤੋਂ ਪਏ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਗਿਰਦਾਵਰੀ ਮੁਕੰਮਲ ਕਰਵਾ ਕੇ ਪੀੜਤ ਕਿਸਾਨਾਂ ਨੂੰ ਮੁਆਵਜਾ ਜਾਰੀ ਕਰਨਾ ਚਾਹੀਦਾ ਹੈ। ਸ: ਢੀਂਡਸਾ ਨੇ ਕਿਹਾ ਕਿ ਸੂਬੇ ਵਿਚ ਕਈ ਦਿਨ ਤੱਕ ਰੁਕ-ਰੁਕ ਪਏ ਮੀਂਹ ਕਾਰਨ ਤਿਆਰ ਕਣਕ ਦੀ ਫਸਲ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਮੀਂਹ ਨਾਲ ਢਹਿ-ਢੇਰੀ ਹੋਏ ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਦੀ ਵੀ ਰਿਪੋਰਟ ਪ੍ਰਾਪਤ ਹੋਈ ਹੈ। ਜਿਸ ਲਈ ਪੰਜਾਬ ਸਰਕਾਰ ਨੂੰ ਤੁਰੰਤ ਪੀੜਤਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਵਿੱਚ ਮੀਂਹ, ਗੜਿਆਂ ਅਤੇ ਤੇਜ਼ ਹਵਾਵਾਂ ਕਾਰਨ ਸੂਬੇ ਭਰ ਵਿਚ 15 ਲੱਖ ਹੈਕਟੇਅਰ ਦੇ ਕਰੀਬ ਫਸਲ ਪ੍ਰਭਾਵਿਤ ਹੋਈ ਹੈ। ਕਈਂ ਥਾਵਾਂ `ਤੇ ਕਿਸਾਨਾਂ ਦੀ 100 ਫੀਸਦੀ ਫਸਲ ਖਰਾਬ ਹੋ ਗਈ ਹੈ, ਜਦੋਂਕਿ ਜਿਆਦਾਤਰ ਕਿਸਾਨਾਂ ਦੀ 40-50 ਫੀਸਦ ਹਾੜ੍ਹੀ ਦੀ ਫਸਲ ਪ੍ਰਭਾਵਿਤ ਹੋਈ ਹੈ। ਸੂਬੇ ਵਿਚ ਲਗਾਤਾਰ ਕਈ ਦਿਨ ਮੀਂਹ ਪੈਣ ਕਰਕੇ ਸਮੁੱਚੇ ਪੰਜਾਬ ਵਿੱਚ ਭਾਰੀ ਨੁਕਸਾਨ ਹੋਇਆ ਹੈ। ਸ: ਸੁਖਦੇਵ ਸਿੰਘ ਢੀਂਡਸਾ ਨੇ ਅੱਗੇ ਕਿਹਾ ਕਿ ਖੇਤੀਬਾੜੀ ਵਿਭਾਗ ਮੁਤਾਬਕ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਦਾ 12 ਤੋਂ 15 ਫੀਸਦੀ ਝਾੜ ਘਟਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕਣਕ ਤੋਂ ਇਲਾਵਾ ਸੂਬੇ ਵਿਚ ਸਰੋਂ ਦੀ ਫਸਲ ਵੀ ਪੰਜ ਤੋਂ ਸੱਤ ਹਜ਼ਾਰ ਹੈਕਟੇਅਰ ਤੱਕ ਪ੍ਰਭਾਵਿਤ ਹੋਈ ਹੈ। ਇਸ ਲਈ ਪੰਜਾਬ ਸਰਕਾਰ ਨੂੰ ਜਲਦ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ।