ਚੰਡੀਗੜ੍ਹ, 11 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਪਰਮਪਾਲ ਕੌਰ ਸਿੰਧੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਿਕਰਯੋਗ ਹੈ ਕਿ ਆਈ.ਏ.ਐਸ. ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਈ.ਏ.ਐਸ. ਅਫਸਰ ਪਰਮਪਾਲ ਕੌਰ ਦਾ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਜਿੰਨੀ ਕਾਹਲੀ ਆਈ.ਏ.ਐਸ. ਬਣਨ ਦੀ ਸੀ, ਛੱਡਣ ਵਾਸਤੇ ਕੋਈ ਪ੍ਰਕਿਰਿਆ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਰਮਪਾਲ ਕੌਰ ਨੂੰ ਅਸਤੀਫਾ ਦੇਣ ਦੇ ਤਰੀਕੇ ਸਮਝਣੇ ਚਾਹੀਦੇ ਹਨ, ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ।ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਦੀ ਗ੍ਰਿਫਤਾਰੀ ਨੂੰ ਲੈ ਕੇ ਤੰਜ ਕੱਸਿਆ ਹੈ । ਸੀਐਮ ਮਾਨ ਨੇ ਅਕਾਲੀ ਦਲ ਦੇ ਨਾਲ-ਨਾਲ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਸਪੱਸ਼ਟੀਕਰਨ ਦੇਣ ਦੀ ਗੱਲ ਆਖੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਬਿਕਰਮ ਮਜੀਠਿਆ ਸੁੱਚਾ ਸਿੰਘ ਲੰਗਾਹ ਦੇ ਬੇਟੇ ਬਾਰੇ ਪ੍ਰੈੱਸ ਕਾਨਫਰੈਂਸ ਕਿਉਂ ਨਹੀਂ ਕੀਤੀ | ਇਸਦੇ ਦੇ ਵੀ ਮਾਮਾ ਜੀ ਬਣੋ। ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਹਿਮਾਚਲ ਦੇ ਸ਼ਿਮਲਾ ਤੋਂ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।