ਚੰਡੀਗੜ੍ਹ 18 ਜਨਵਰੀ : ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਦਾ ਬਿਆਨ ਸਾਹਮਣੇ ਆਇਆ ਹੈ|ਜਿਸ ‘ਚ ਆਪਣੇ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਮੁੱਦਿਆਂ ਨੂੰ ਲੈ ਕੇ ਸਾਨੂ ਇੱਕ ਦੂਜੇ ਨਾਲ ਉਲਝਾਉਣਾ ਠੀਕ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਸਮਾਗਮ ਵਿੱਚ ਬੁਲਾ ਕੇ ਇਸ ਤਰ੍ਹਾਂ ਬੇਇੱਜ਼ਤੀ ਕੀਤੀ ਜਾਵੇ ਤਾਂ ਕਿਸ ਗੱਲ ਦਾ ਸਮਰਥਨ ਕੀਤਾ ਜਾਵੇਗਾ। ਉਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿੱਖ ਕੌਮ ਦੇ ਮਸਲਿਆਂ ‘ਤੇ ਸਮਾਗਮ ‘ਚ ਬੁਲਾਇਆ ਜਾਂਦਾ ਹੈ ਤਾਂ ਉਨ੍ਹਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ| ਅਸੀਂ ਆਪਸ ਵਿੱਚ ਕੋਈ ਲੜਾਈ ਨਹੀਂ ਚਾਹੁੰਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਸਰਕਾਰ ‘ਤੇ ਵੀ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੋਰਚਾ ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਲਾਇਆ ਗਿਆ ਸੀ ਅਤੇ ਸਰਕਾਰ ਦਰਸ਼ਕ ਬਣੀ ਰਹੀ। ਸਿੱਖਾਂ ਵਿੱਚ ਫੁੱਟ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਜਿਵੇਂ ਹੀ ਸਿੱਖਾਂ ਦੇ ਇਕੱਠ ਦੀ ਗੱਲ ਹੁੰਦੀ ਹੈ, ਉਸ ਵਿੱਚ ਫੁੱਟ ਪਾਉਣ ਦਾ ਯਤਨ ਕੀਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਅਜਿਹੀਆਂ ਹਰਕਤਾਂ ਤੋਂ ਡਰਨ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਸਿੱਖ ਕੌਮ ਦੇ ਮਸਲਿਆਂ ਦੀ ਹਮਾਇਤ ਕਰਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ। ਦੱਸ ਦੇਈਏ ਕਿ ਧਾਮੀ ਅੱਜ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਚੱਲ ਰਹੇ ‘ਕੌਮੀ ਇਨਸਾਫ਼ ਮੋਰਚੇ’ ‘ਚ ਸ਼ਾਮਲ ਹੋਣ ਲਈ ਗਏ ਸਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉਸ ਦੀ ਕਾਰ ‘ਤੇ ਪਥਰਾਅ ਕੀਤਾ ਅਤੇ ਕਾਰ ਦੇ ਸ਼ੀਸ਼ੇ ਟੁੱਟ ਗਏ। ਜਦੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਉਥੇ ਪਹੁੰਚਿਆ ਤਾਂ ਪ੍ਰਦਰਸ਼ਨਕਾਰੀਆਂ ਨੇ ਜ਼ੋਰਦਾਰ ਵਿਰੋਧ ਕੀਤਾ ਅਤੇ ਉਨ੍ਹਾਂ ਦੀ ਗੱਡੀ ‘ਤੇ ਹਮਲਾ ਕਰ ਦਿੱਤਾ।