ਚੰਡੀਗੜ੍ਹ, 02 ਮਾਰਚ : ਕੁੱਝ ਦਿਨ ਪਹਿਲਾਂ ਅਜਨਾਲਾ ਦੇ ਥਾਣੇ ‘ਚ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮੱਰਥਕਾਂ ਵੱਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਜੋ ਕੁੱਝ ਕੀਤਾ ਗਿਆ, ਉਸ ਦੀ ਜਾਂਚ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਜਿਸ ਵੱਲੋਂ ਫੈਸਲਾ ਲਿਆ ਜਾਵੇਗਾ ਕਿ ਜਨਤਕ ਥਾਵਾਂ ਤੇ ਇਸ ਤਰ੍ਹਾਂ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲਿਜਾਣਾ ਠੀਕ ਹੈ ਜਾਂ ਨਹੀਂ। ਅਜਨਾਲਾ ਘਟਨਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਗਠਨ ਕੀਤੀ ਕਮੇਟੀ ਨੂੰ ਇੱਕ ਪੱਤਰ ਲਿਖ ਕੇ ਜਿੱਥੇ ਇਸ ਘਟਨਾਂ ਨੂੰ ਮੰਦਭਾਗਾ ਕਰਾਰ ਦਿੱਤਾ ਹੈ, ਉਥੇ ਉਂਨ੍ਹਾਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਸਿਆਸੀ ਮੰਤਵਾਂ ਦੀ ਪੂਰਤੀ ਲਈ ਵਰਤੋਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੱਤਰ ਵਿਚ ਉਮੀਦ ਪ੍ਰਗਟਾਈ ਤੇ ਕਮੇਟੀ ਨੂੰ ਅਪੀਲ ਕੀਤੀ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਿਆਸੀ ਮੰਤਵਾਂ ਦੀ ਪੂਰਤੀ ਲਈ ਅਤੇ ਭਾਈਚਾਰੇ ਵਿਚ ਕਿਸੇ ਵੀ ਤਰ੍ਹਾਂ ਦੀ ਦਰਾੜ ਪੈਦਾ ਕਰਨ ਲਈ ਵਰਤੇ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਵੇ, ਜਿਸ ਨਾਲ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਵਿਚ ਕਿਸੇ ਵੀ ਕਿਸਮ ਦੀ ਕੋਈ ਅਵੱਗਿਆ ਨਾ ਹੋਵੇ।