ਚੰਡੀਗੜ੍ਹ, 22 ਦਸੰਬਰ 2024 : ਪੰਜਾਬ ਦੇ ਲੋਕਾਂ ਨੂੰ ਹੁਣ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ। ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਧੁੰਦ ਨੂੰ ਲੈ ਕੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 27 ਦਸੰਬਰ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਕਾਰਨ 27 ਦਸੰਬਰ ਨੂੰ ਫਾਜ਼ਿਲਕਾ, ਫ਼ਿਰੋਜ਼ਪੁਰ, ਬਠਿੰਡਾ, ਮੋਗਾ, ਫ਼ਰੀਦਕੋਟ, ਮੁਕਤਸਰ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਮੀਂਹ ਪੈ ਸਕਦਾ ਹੈ।
ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ
ਪੰਜਾਬ ‘ਚ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਲੁਧਿਆਣਾ, ਤਰਨਤਾਰਨ, ਅੰਮ੍ਰਿਤਸਰ, ਬਰਨਾਲਾ ਅਤੇ ਬਠਿੰਡਾ ਵਿੱਚ ਵਿਜ਼ੀਬਿਲਟੀ 100 ਮੀਟਰ ਦੇ ਕਰੀਬ ਰਹਿ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵੀ ਸੀਤ ਲਹਿਰ ਰਹੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਪੈ ਰਹੀ ਧੁੰਦ ਕਾਰਨ ਹਾਦਸਿਆਂ ਤੋਂ ਬਚਣ ਲਈ ਡਰਾਈਵਰਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਜਦੋਂ ਕਿ ਪੰਜਾਬ ਵਿੱਚ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।