ਚੰਡੀਗੜ੍ਹ, 31 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਂਸਿਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬੇ ਵਿੱਚ ਸਫਾਈ ਵਿਵਸਥਾ ਕਾਇਮ ਰੱਖਣਾ ਇੱਕ ਮਹੱਤਵਪੂਰਨ ਕੰਮ ਹੈ, ਜਿਸ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ, ਜਿਸ ਦੇ ਸਦਕੇ ਪੰਜਾਬ ਸਵੱਛ ਸਰਵੇਖਣ ਵਿੱਚ ਭਾਰਤ ਵਿੱਚੋਂ ਪੰਜਵੇਂ ਨੰਬਰ ਤੇ ਆਇਆ ਹੈ। ਮੀਟਿੰਗ ਦੌਰਾਨ ਯੂਨੀਅਨਾਂ ਦੇ ਨੁਮਾਇੰਦਿਆ ਵੱਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਪੰਜਾਬ ਨੂੰ ਪਹਿਲੇ ਨੰਬਰ ਤੇ ਲੈ ਕੇ ਆਉਣ ਲਈ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ। ਮੀਟਿੰਗ ਵਿੱਚ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਨ ਤੋਂ ਬਾਅਦ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜੋ ਵੀ ਜਾਇਜ਼ ਮੰਗਾਂ ਸਬੰਧੀ ਸਥਾਨਕ ਸਰਕਾਰਾ ਵਿਭਾਗ ਦੇ ਪੱਧਰ ਤੇ ਫੈਸਲਾ ਲਿਆ ਜਾਣਾ ਹੈ, ਉਨਾਂ ਮੰਗਾਂ ਸਬੰਧੀ ਜਲਦ ਤੋ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਪੱਧਰ ਤੇ ਲਏ ਜਾਣ ਵਾਲੇ ਫੈਸਲਿਆਂ ਨੂੰ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਲਾਗੂ ਕਰਵਾਉਣ ਲਈ ਸਖਤ ਹਦਾਇਤ ਕੀਤੀ ਜਾਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਜਿਹੜੀਆਂ ਮੰਗਾਂ ਪਾਲਿਸੀ ਮੈਟਰ ਨਾਲ ਸਬੰਧਤ ਹਨ, ਇਨ੍ਹਾਂ ਸਬੰਧੀ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਲੋੜੀਂਦਾ ਹੈ, ਉਨ੍ਹਾਂ ਮੰਗਾਂ ਸਬੰਧੀ ਫੈਸਲਾ ਲੈਣ ਲਈ ਪਹਿਲ ਦੇ ਅਧਾਰ ਸਬੰਧਤ ਵਿਭਾਗਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ।