ਚੰਡੀਗੜ੍ਹ, 18 ਦਸੰਬਰ 2024 : ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ 30 ਦਸੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਇਸ ਦੌਰਾਨ ਸਿਰਫ ਐਂਮਰਜੈਂਸੀ ਸੇਵਾਵਾਂ ਛੱਡ ਕੇ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਵਿੱਖ ’ਚ ਵੀ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਚਿਤਾਵਨੀ ਵੀ ਦਿੰਦੇ ਹੋਏ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੋਲ ਕਿਸਾਨਾਂ ਦੇ ਖੂਨ ਖਰਾਬੇ ਤੋਂ ਬਿਨਾਂ ਨਹੀਂ ਜਾ ਸਕੇਗਾ। ਜੋ ਅੱਖ ਖਨੌਰੀ ਬਾਰਡਰ ਵੱਲ ਦਿਖੇਗੀ ਤਾਂ ਉਹ ਅੱਖ ਕੱਢ ਦਿੱਤੀ ਜਾਵੇਗੀ। ਜੋ ਹੱਥ ਇੱਥੇ ਵਧੇਗਾ ਉਸਨੂੰ ਵੱਢ ਦਿੱਤਾ ਜਾਵੇਗਾ।
ਅਸੀਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਸਬੰਧੀ ਸੁਪਰੀਮ ਕੋਰਟ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਾਂ : ਕੋਹਾੜ
ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਖਨੌਰੀ ਬਾਰਡਰ ਵਿਖੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਅਸੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਸੁਪਰੀਮ ਕੋਰਟ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਾਂ ਪਰ ਬੜੇ ਨਿਮਰਤਾ ਨਾਲ ਸਵਾਲ ਪੁੱਛਣਾ ਚਾਹੁੰਦੇ ਹਾਂ ਕਿ ਡੱਲੇਵਾਲ ਦੀ ਸਿਹਤ ਕਿਉਂ ਵਿਗੜ ਰਹੀ ਹੈ, ਕਿਉਂਕਿ ਸਾਰੀਆਂ ਸਿਆਸੀ ਪਾਰਟੀਆਂ ਨੇ ਸਾਡੇ ਨਾਲ ਕਈ ਵਾਅਦੇ ਕੀਤੇ ਸਨ, ਪਰ ਉਹ ਪੂਰੇ ਨਹੀਂ ਹੋਏ। ਕੋਹਾੜ ਨੇ ਕਿਹਾ ਕਿ ਸੁਪਰੀਮ ਕੋਰਟ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਹੁਕਮ ਦੇਵੇ।
ਕਿਸਾਨੀ ਮੋਰਚੇ ‘ਚ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਅਕਤੀ ਦੀ ਮੌਤ
ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨੀ ਮੋਰਚੇ ‘ਚ ਬੀਤੇ ਦਿਨੀ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਅਕਤੀ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 3 ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ 14 ਦਸੰਬਰ ਨੂੰ ਕਿਸਾਨਾਂ ਦੇ ਦਿੱਲੀ ਕੂਚ ਦੀ ਕੋਸ਼ਿਸ਼ ਦੌਰਾਨ, ਉਸਨੇ ਸ਼ੰਭੂ ਸਰਹੱਦ ‘ਤੇ ਸਲਫਾਸ ਨਿਗਲ ਲਈ ਸੀ। ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਥੇ ਅੱਜ ਤੜਕੇ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ। ਵਿਅਕਤੀ ਦਾ ਨਾਂ ਰਣਜੋਧ ਸਿੰਘ ਸੀ। ਉਹ ਖੰਨਾ ਦੇ ਪਿੰਡ ਰਤਨਹੇੜੀ ਦਾ ਰਹਿਣ ਵਾਲਾ ਸੀ।ਉਹ ਆਪਣੇ ਪਿੱਛੇ ਪਤਨੀ ਕੁਲਦੀਪ ਕੌਰ, ਇੱਕ ਬੇਟਾ ਤੇ ਬੇਟੀ ਛੱਡ ਗਿਆ ਹੈ। ਧੀ ਵਿਆਹੀ ਹੋਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਰਣਜੋਧ ਸਿੰਘ ਲੰਬੇ ਸਮੇਂ ਤੋਂ ਅੰਦੋਲਨ ਨਾਲ ਜੁੜਿਆ ਹੋਇਆ ਸੀ।