ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਜੀਰਾ ਵਿਚ ਸ਼ਰਾਬ ਦੀ ਫੈਕਟਰੀ ਦੇ ਬਾਹਰ ਧਰਨੇ `ਤੇ ਬੈਠੇ ਪ੍ਰਦਰਸ਼ਨਕਾਰੀਆਂ ਨਾਲ ਕੱੁਟਮਾਰ ਕਰਕੇ ਹਿਰਾਸਤ ਵਿਚ ਲਏ ਜਾਣ ਦੀ ਪੁਲਿਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਇਥੇ ਜਾਰੀ ਬਿਆਨ ਵਿਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦਰਸ਼ਨਕਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਧਰਨੇ ਵਾਲੀ ਥਾਂ ਭੇਜਿਆ ਗਿਆ ਸੀ ਪ੍ਰੰਤੂ ਮਾਨ ਸਰਕਾਰ ਨੇ ਪ੍ਰਦਰਸ਼ਕਾਰੀਆਂ ਦੀ ਮੰਗਾਂ ਮੰਨਣ ਦੇ ਬਜਾਏ ਉਲਟਾ ਉਨ੍ਹਾਂ ਨਾਲ ਧੱਕਾਮੁੱਕੀ ਕੀਤੀ ਅਤੇ ਧਰਨੇ `ਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਿਸ ਵਿਚ ਮਹਿਲਾਵਾਂ ਵੀ ਸ਼ਾਮਿਲ ਹਨ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼ਰਾਬ ਦੀ ਫੈਕਟਰੀ ਦੇ ਬਾਹਰ ਬੈਠੇ ਪ੍ਰਦਰਸ਼ਨਕਾਰੀ ਤੰਗ ਆਕੇ ਪਿਛਲੇ ਲੰਮੇ ਸਮੇਂ ਤੋਂ ਫੈਕਟਰੀ ਬੰਦ ਕਰਵਾਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਰਾਬ ਦੀ ਫੈਕਟਰੀ ਨਾਲ ਨੇੜੇ-ਤੇੜੇ ਜ਼ਮੀਨ ਹੇਠਲਾ ਪਾਣੀ ਪ੍ਰਦੁਸਿ਼ਤ ਹੋ ਰਿਹਾ ਹੈ। ਜਿਸ ਨਾਲ ਉਨ੍ਹਾਂ ਨੂੰ ਕਈਂ ਤਰ੍ਹਾਂ ਦੀਆਂ ਬਿਮਾਰੀਆਂ ਹੋਣ ਦਾ ਖਤਰਾ ਬਣ ਗਿਆ ਹੈ। ਸ: ਢੀਂਡਸਾ ਨੇ ਕਿਹਾ ਕਿ ਮਾਨ ਸਰਕਾਰ ਨੂੰ ਸ਼ਰਾਬ ਦੀ ਫੈਕਟਰੀ ਚਾਲੂ ਕਰਵਾਉਣ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਦੀਆਂ ਮੁਸ਼ਕਲਾਂ ਬਾਰੇ ਸੋਚਣਾ ਚਾਹੀਦਾ ਹੈ ਅਤੇ ਸ਼ਰਾਬ ਦੀ ਫੈਕਟਰੀ ਦੀ ਹਰ ਪੱਖੋਂ ਜਾਂਚ ਕਰਕੇ ਅਤੇ ਪ੍ਰਦਰਸ਼ਨਕਾਰੀਆਂ ਦੀ ਸਹਿਮਤੀ ਤੋਂ ਬਾਅਦ ਕੋਈ ਕਾਰਵਾਈ ਕਰਨੀ ਚਾਹੀਦੀ ਹੈ।