ਚੰਡੀਗੜ੍ਹ, 19 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ। 16ਵੀਂ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਦੌਰਾਨ ਸਦਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ, ਸਾਬਕਾ ਵਿਧਾਇਕ ਰੁਮਾਲ ਚੰਦ, ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ, ਸ਼ਹੀਦ ਮਨਦੀਪ ਸਿੰਘ ਹਵਲਦਾਰ, ਸ਼ਹੀਦ ਕੁਲਵੰਤ ਸਿੰਘ ਚੜਿੱਕ, ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਤੇ ਸ਼ਹੀਦ ਸਿਪਾਹੀ ਸੇਵਕ ਸਿੰਘ, ਉੱਘੇ ਖਿਡਾਰੀ ਕੌਰ ਸਿੰਘ ਤੇ ਕਿਰਨ ਅਜੀਤ ਪਾਲ ਸਿੰਘ, ਪ੍ਰਸਿੱਧ ਅਦਾਕਾਰ ਮੰਗਲ ਢਿੱਲੋਂ ਅਤੇ ਸ਼ਹੀਦ ਨਾਇਬ ਸੂਬੇਦਾਰ ਬਲਬੀਰ ਸਿੰਘ ਰਾਣਾ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਬੰਧਤ ਪਰਿਵਾਰਾਂ ਨੂੰ ਸਦਨ ਵੱਲੋਂ ਸ਼ੋਕ ਸੁਨੇਹੇ ਭੇਜਣ ਬਾਰੇ ਮਤਾ ਲਿਆਂਦਾ, ਜਿਸ ਨੂੰ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਗਿਆ। ਸ਼ਰਧਾਂਜਲੀ ਭੇਟ ਕਰਨ ਦੌਰਾਨ ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ ਸੀ।