ਚੰਡੀਗੜ੍ਹ, 17 ਦਸੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਜਿਸਟਰੇਸ਼ਨ ਅਤੇ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਰਜੀਤ ਕੁਮਾਰ ਵਾਸੀ ਪਿੰਡ ਮਨਵਾਲ, ਜ਼ਿਲ੍ਹਾ ਪਠਾਨਕੋਟ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਉਸਦੀ ਹਿਮਾਚਲ ਪ੍ਰਦੇਸ਼ ਨੰਬਰ ਗੱਡੀ ਨੂੰ ਪੰਜਾਬ ਰਜਿਸਟਰੇਸ਼ਨ ਨੰਬਰ ਵਿਚ ਤਬਦੀਲ ਬਦਲੇ 5500 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 5500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।